ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਇੰਨ-ਬਿੰਨ ਪਾਲਣਾ
ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਇੱਕ ਆਨ-ਲਾਈਨ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਇਸ ਸਮੇਂ ਜਿੰਨ੍ਹਾਂ ਜਿਲ੍ਹਿਆਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਜਿੰਨ੍ਹਾਂ ਜਿਲ੍ਹਿਆਂ ਵਿੱਚ ਅਜੇ ਤੱਕ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋਣਾ ਹੈ ਉੱਥੇ ਅਗੇਤਾਂ ਪ੍ਰਬੰਧਾਂ ਵਜੋਂ ਫੀਲਡ ਵਿਜਿਟਾਂ ਕਰਨ ਸੰਬੰਧੀ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਨੂੰ ਯਕੀਨ ਦਿਵਾਇਆ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਨੂੰ ਜਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਸੰਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਇਸ ਸਮੇਂ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕੰਮ ਕਰ ਰਹੇ ਪਾਵਰ ਪਲਾਂਟਾਂ ਦੀਆਂ ਵਿਜਿਟਾਂ ਕਰਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕਰਨਗੇ।
Author : Malout Live