ਮਲੋਟ, ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲਾਂ ਨੂੰ ਮਿਲੀਆਂ ਅਲਟ੍ਰਾਸਾਊਂਡ ਮਸ਼ੀਨਾਂ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਸਿਵਲ ਹਸਪਤਾਲ ਮਲੋਟ ਅਤੇ ਸਿਵਲ ਹਸਪਤਾਲ ਗਿੱਦੜਬਾਹਾ ਨੂੰ ਨਵੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ ਪ੍ਰਾਪਤ ਹੋਈਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਸਿਵਲ ਹਸਪਤਾਲ ਮਲੋਟ ਅਤੇ ਸਿਵਲ ਹਸਪਤਾਲ ਗਿੱਦੜਬਾਹਾ ਨੂੰ ਨਵੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ ਪ੍ਰਾਪਤ ਹੋਈਆਂ ਹਨ। ਇਹ ਉਪਲੱਬਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸ. ਜਗਦੀਪ ਸਿੰਘ ਐਮ.ਐਲ.ਏ ਸ਼੍ਰੀ ਮੁਕਤਸਰ ਸਾਹਿਬ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਐਮ.ਐਲ.ਏ ਗਿਦੜਬਾਹਾ ਦੇ  ਵਿਸ਼ੇਸ਼ ਯਤਨਾਂ ਅਤੇ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਕੀਤੀ ਗਈ ਪੈਰਵੀ ਦਾ ਨਤੀਜਾ ਹੈ। ਡਾ. ਬਾਂਸਲ ਇਸ ਵੇਲੇ ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਡਾ. ਸੁਨੀਲ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਵੀਆਂ ਮਸ਼ੀਨਾਂ ਨਾਲ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਜਾਂਚ ਸਹੂਲਤਾਂ ਆਪਣੇ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਹੀ ਉਪਲੱਬਧ ਹੋਣਗੀਆਂ।

ਇਸ ਨਾਲ ਗਰਭਵਤੀ ਮਹਿਲਾਵਾਂ, ਬੱਚਿਆਂ ਅਤੇ ਹੋਰ ਮਰੀਜ਼ਾਂ ਦੀਆਂ ਅਲਟਰਾਸਾਊਂਡ ਜਾਂਚਾਂ ਸਮੇਂ ਸਿਰ ਅਤੇ ਵਧੇਰੇ ਸ਼ੁੱਧਤਾ ਨਾਲ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਅਤੇ ਸਿਹਤ ਸੰਸਥਾਵਾਂ ਨੂੰ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਨਵੀਆਂ ਅਲਟਰਾਸਾਊਂਡ ਮਸ਼ੀਨਾਂ ਨਾਲ ਮਰੀਜ਼ਾਂ ਨੂੰ ਪ੍ਰਾਈਵੇਟ ਸੈਂਟਰਾਂ 'ਤੇ ਨਿਰਭਰਤਾ ਘਟੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਹੀ ਬਿਹਤਰ ਸੇਵਾਵਾਂ ਉਪਲੱਬਧ ਹੋਣਗੀਆਂ। ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਸਟਾਫ਼ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਮਾਨਯੋਗ ਸਿਹਤ ਮੰਤਰੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।

Author : Malout Live