“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ, ਦੱਸੇ ਕਈ ਉਪਾਅ- ਪੜੋ ਪੂਰੀ ਖਬਰ
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ, ਨਰਸਿੰਗ ਸਟੂਡੈਂਟ, ਆਸ਼ਾ ਵਰਕਰ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ, ਨਰਸਿੰਗ ਸਟੂਡੈਂਟ, ਆਸ਼ਾ ਵਰਕਰ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਸੰਬੰਧ ਵਿੱਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆ ਤੋ ਇਲਾਵਾ ਬ੍ਰੀਡਿੰਗ ਚੈਕਰਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਕੋਟਕਪੂਰਾ ਰੋਡ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ, ਬਠਿੰਡਾ ਰੋਡ, ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਨਾਲ ਹੀ ਟਾਇਰਾਂ ਦੀਆਂ ਦੁਕਾਨਾਂ ਅਤੇ ਨਾਲ ਲੱਗਦੇ ਏਰੀਏ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜਾਨਾ ਪੱਧਰ ਤੇ ਘਰ-ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।
ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੌਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਹੈੱਲਥ ਸੁਪਰਵਾਈਜ਼ਰ ਭਗਵਾਨ ਦਾਸ ਅਤੇ ਲਾਲ ਚੰਦ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪੌਜ਼ਿਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਰਵਿੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਰਬਜੀਤ ਸਿੰਘ ਕੋਲਡ ਚੇਨ ਅਫਸਰ, ਪਵਿੱਤਰ ਸਿੰਘ ਐਮ.ਐਲ.ਟੀ., ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਸਿਹਤ ਹਰਭਗਵਾਨ ਸਿੰਘ, ਹਰਦੀਪ ਸਿੰਘ, ਮਨੀਸ਼ ਕੁਮਾਰ, ਅਮ੍ਰਿਤਪਾਲ ਸਿੰਘ, ਵਕੀਲ ਸਿੰਘ, ਆਦੇਸ਼ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ, ਆਸ਼ਾ ਵਰਕਰ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।
Author : Malout Live



