ਗੁਰੂਆਂ ਪੀਰਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦੇਵਾਂਗੇ- ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਉਨ੍ਹਾਂ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉੱਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਸ. ਖੁੱਡੀਆਂ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ।

ਸ. ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ ਇਹ ਇੱਕ ਵੱਡਾ ਪ੍ਰੋਗਰਾਮ ਸੀ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਲੜਾਈ ਪਹਿਲੀ ਵਾਰ ਲੜਨੀ ਪਈ ਹੈ। ਇਹ ਕੰਡੇ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਹਨ। ਸਿੰਥੈਟਿਕ ਨਸ਼ਿਆਂ ਦੀ ਇੱਕ ਤਰ੍ਹਾਂ ਨਾਲ ਹਨੇਰੀ ਆਈ ਹੈ। ਸਾਡੇ ਸਾਹਮਣੇ ਇੱਕ ਬਹੁਤ ਵੱਡਾ ਟਾਸਕ ਸੀ ਕਿ ਜੋ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋ ਗਏ ਹਨ ਉਹਨਾਂ ਦਾ ਇਲਾਜ ਕਰਵਾ ਰਹੇ ਹਾਂ। ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਨਸ਼ਾ ਛੁਡਾ ਕੇ ਇਲਾਜ ਕੀਤਾ ਜਾ ਰਿਹਾ ਹੈ। ਸ. ਖੁੱਡੀਆਂ ਨੇ ਮੀਡੀਆ ਨੂੰ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੇ ਅੰਦਰ ਲੰਬੀ ਸਬ-ਡਿਵੀਜ਼ਨ ਵਿੱਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ 160 ਮੁਕੱਦਮੇ ਦਰਜ ਕੀਤੇ ਗਏ ਹਨ, 207 ਵਿਅਕਤੀ ਇਹਨਾਂ ਕੇਸਾਂ ਵਿੱਚ ਜੇਲਾਂ ਅੰਦਰ ਪਹੁੰਚਾਏ ਗਏ ਹਨ, 429.84 ਗ੍ਰਾਮ ਹੈਰੋਇਨ, 7 ਕਿਲੋਗ੍ਰਾਮ 377 ਗ੍ਰਾਮ ਅਫੀਮ, 136 ਕਿਲੋਗ੍ਰਾਮ ਭੁੱਕੀ, 4704 ਨਸ਼ੀਲੀਆਂ ਗੋਲੀਆਂ, 6587 ਨਸ਼ੀਲੇ ਕੈਪਸੂਲ ਅਤੇ 39,230/- ਰੁਪਏ ਦੀ ਡਰੱਗ ਮਨੀ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਪ ਮੰਡਲ ਮਜਿਸਟਰੇਟ ਮਲੋਟ ਸ਼੍ਰੀ ਪੰਕਜ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਜਰੂਰ ਸਾਂਝੀ ਕਰਨ ਅਤੇ ਸੇਫ ਪੰਜਾਬ ਵਟਸਐਪ ਨੰਬਰ 9779100200 'ਤੇ ਵੀ ਦੇ ਸਕਦੇ ਹਨ। ਇਸ ਮੌਕੇ ਬੀ.ਡੀ.ਪੀ.ਓ ਰਾਕੇਸ਼ ਬਿਸ਼ਨੋਈ, ਐਸ.ਐਚ.ਓ ਹਰਪ੍ਰੀਤ ਕੌਰ, ਐਸ.ਐਚ.ਓ ਜਸਵੀਰ ਸਿੰਘ, ਮੀਡੀਆ ਸਲਾਹਕਾਰ ਮੋਹਿਤ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੰਬੀ ਹਲਕੇ ਦੇ ਵਸਨੀਕ ਮੌਜੂਦ ਸਨ।

Author : Malout Live