ਪਲਾਸਟਿਕ ਕੈਰੀ ਬੈਗਾਂ ‘ਤੇ ਲਗਾਈ ਜਾਵੇ ਪੂਰਨ ਪਾਬੰਦੀ, ਮੀਤ ਹੇਅਰ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ

ਮਲੋਟ: ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਵੱਛਤਾ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ। ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ ਕਿਉਂਕਿ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਣ ਬਾਰੇ ਦੇਸ਼ ਦੇ ਸਾਰੇ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫਰੰਸ ਦੇ ਪਹਿਲੇ ਦਿਨ ਆਪਣੇ ਸੰਬੋਧਨ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਵਾਤਾਵਰਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਦੇ ਨਿਰਮਾਣ, ਖਰੀਦ, ਵੇਚ ਅਤੇ ਵਰਤੋਂ ਉੱਤੇ ਲਗਾਈ ਮੁਕੰਮਲ ਪਾਬੰਦੀ ਉੱਤੇ ਉਦਯੋਗਾਂ ਵੱਲੋਂ ਇਹੋ ਗੱਲ ਉਠਾਈ ਜਾਂਦੀ ਹੈ ਕਿ ਗੁਆਂਢੀ ਸੂਬਿਆਂ ਵੱਲੋਂ ਅਜਿਹੀ ਪਾਬੰਦੀ ਨਹੀਂ ਲਗਾਈ ਗਈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਥੈਲਿਆਂ ‘ਤੇ ਭਾਵੇਂ ਉਹ 75 ਮਾਈਕ੍ਰੋਨ ਜਾਂ 100 ਮਾਈਕ੍ਰੋਨ ਦੇ ਹੋਣ ‘ਤੇ ਪਾਬੰਦੀ ਹੈ ਪਰ ਜਿਵੇਂ ਕਿ ਹੋਰਨਾਂ ਸੂਬਿਆਂ ‘ਚ ਅਜਿਹੇ ਥੈਲਿਆਂ ‘ਤੇ ਕੋਈ ਪਾਬੰਦੀ ਨਹੀਂ ਹੈ, ਪੰਜਾਬ ਦੇ ਉਦਯੋਗਾਂ ਦੀ ਵੀ ਸ਼ਿਕਾਇਤ ਹੈ ਕਿ ਅਜਿਹੀ ਪਾਬੰਦੀ ਨਹੀਂ ਹੈ। ਮੀਤ ਹੇਅਰ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਕਿ ਜੇਕਰ ਪਲਾਸਟਿਕ ਕੈਰੀ ਬੈਗਾਂ ‘ਤੇ ਪਾਬੰਦੀ ਲਗਾਉਣੀ ਹੈ ਤਾਂ ਪੂਰਨ ਪਾਬੰਦੀ ਲਗਾਈ ਜਾਵੇ। Author: Malout Live