ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਹੋਇਆ ਆਯੋਜਨ
ਮਲੋਟ: ਡਾਇਰੈਕਟਰ ਖੇਤੀਬਾੜੀ ਕਿਸਾਨ ਅਤੇ ਭਲਾਈ ਵਿਭਾਗ ਪੰਜਾਬ ਸ਼੍ਰੀ ਗੁਰਵਿੰਦਰ ਸਿੰਘ ਅਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਹਾੜ੍ਹੀ 2022-23 ਦੀਆਂ ਫਸਲਾਂ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਪ ਗਰੀਨ ਸੀ ਰਿਜ਼ੋਰਟ ਮੁਕਤਸਰ ਬਠਿੰਡਾ ਰੋਡ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਲਗਭਗ 500 ਅਗਾਂਹਵਧੂ ਕਿਸਾਨਾਂ ਨੇ ਭਾਗ ਲੈ ਕੇ ਖੇਤੀ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਤੇ ਖੇਤੀ ਮਾਹਿਰਾਂ ਵੱਲੋਂ ਖੇਤੀ ਵਿਕਾਸ ਸੰਬੰਧੀ ਤਕਨੀਕੀ ਜਾਣਕਾਰੀ ਪ੍ਰਾਪਤ ਕੀਤੀ। ਇਸ ਕੈਂਪ ਵਿੱਚ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੈਂਪ ਵਿੱਚ ਸ਼੍ਰੀਮਤੀ ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਜਸਵਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਕਿਸਾਨ ਅਤੇ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀ ਗਈ।
ਇਸ ਮੌਕੇ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ, ਜਗਦੀਪ ਸਿੰਘ ਕਾਕਾ ਬਰਾੜ ਅਤੇ ਸ਼੍ਰੀ ਪ੍ਰਿਤਪਾਲ ਸਿੰਘ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਪੀ.ਏ.ਯੂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਗੋਨਿਆਣਾ ਅਤੇ ਹੋਰ ਵਿਭਾਗਾਂ ਤੋਂ ਆਏ ਵੱਖ-ਵੱਖ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਮਿੱਟੀ, ਪਾਣੀ ਪਰਖ਼ ਅਤੇ ਸਹਾਇਕ ਧੰਦੇ ਪਸ਼ੂ ਪਾਲਣ, ਡੇਅਰੀ ਅਤੇ ਸਬਜ਼ੀਆਂ ਅਤੇ ਬਾਗਾਂ ਦੀ ਕਾਸ਼ਤ ਆਦਿ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਖੇਤੀ ਨਾਲ ਜੁੜੇ ਵਿਭਾਗਾਂ ਜਿਵੇਂ ਬਾਗਬਾਨੀ, ਜੰਗਲਾਤ, ਮਾਰਕਫੈਡ, ਕੇ.ਵੀ.ਕੇ, ਭੂਮੀ ਰੱਖਿਆ ਆਦਿ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਦਰਸਾਉਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕੈਂਪ ਦੌਰਾਨ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਮਾਹਿਰਾਂ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਮੌਜ਼ੂਦ ਰਹੇ। Author: Malout Live