ਨਸ਼ਾ ਕਰਨ ਵਾਲਾ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਹੀ ਭੁੱਲ ਜਾਂਦਾ ਹੈ: ਡਿਪਟੀ ਮੈਡੀਕਲ ਕਮਿਸ਼ਨਰ

ਮਲੋਟ (ਸ਼੍ਰੀ ਮੁੁਕਤਸਰ ਸਾਹਿਬ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਾ. ਰੂਹੀ ਦੁੱਗ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸਵੱਸਥ ਮਨ ਸਵੱਸਥ ਤਨ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਇਸ ਮੁਕਾਬਲੇ ਵਿੱਚ ਹੁਨਰਪ੍ਰਤਾਪ ਸਿੰਘ ਕਲਾਸ ਸੱਤਵੀ ਪਹਿਲੇ ਨੰਬਰ ਤੇ, ਮਾਨਿਅਤਾ ਸੱਤਵੀਂ ਕਲਾਸ ਦੂਜੇ ਨੰਬਰ ਅਤੇ ਅਲੀਸ਼ਾ ਸੱਤਵੀ ਕਲਾਸ ਤੀਸਰੇ ਨੰਬਰ ਤੇ ਆਏ ਅਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਹੀ ਭੁੱਲ ਜਾਂਦਾ ਹੈ ਇਸ ਲਈ ਆਉ ਪ੍ਰਣ ਕਰੀਏ ਕੇ ਅਸੀਂ ਸਾਰੀ ਉਮਰ ਕਿਸੇ ਵੀ ਨਸ਼ੇ ਨੂੰ ਹੱਥ ਨਹੀ ਲਗਾਵਾਂਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਿਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨਾਂ ਤਕਲੀਫ ਤੋਂ ਬਿਲਕੁੱਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ। ਇਸ ਮੌਕੇ ਸ਼੍ਰੀ ਮਨੀਸ਼ ਚੋਪੜਾ ਪ੍ਰਿੰਸੀਪਲ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਕਿਹਾ ਕਿ ਨਸ਼ਿਆਂ ਦਾ ਪੜਾਈ ਤੇ ਅਤੇ ਜਿੰਦਗੀ ਤੇ ਬਹੁਤ ਬੁਰਾ ਅਸਰ ਹੁੰਦਾ ਹੈ ਅਤੇ ਨਸ਼ੇ ਕਰਨ ਵਾਲੇ ਵਿਅਕਤੀ ਆਪਣੀ ਜਿੰਦਗੀ ਵਿੱਚ ਕਦੇ ਵੀ ਕਾਮਯਾਬ ਨਹੀ ਹੋ ਸਕਦਾ ਹੈ ਅਤੇ ਆਪਣੇ ਮਕਸਦ ਭੁੱਲ ਜਾਂਦਾ ਹੈ। ਇਸ ਮੌਕੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼੍ਰੀਮਤੀ ਨਵਨੀਤ ਕੌਰ ਕਾਉਂਸਲਰ ਹਾਜ਼ਿਰ ਸਨ। Author: Malout Live