ਪਿੰਡ ਆਲਮਵਾਲਾ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਮਲੋਟ (ਆਲਮਵਾਲਾ): ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕੈਂਪ ਡਾ. ਗੁਰਪ੍ਰੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਆਲਮਵਾਲਾ ਬਲਾਕ ਮਲੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਵਿਰਕ ਖੇੜਾ ਵੱਲੋਂ ਪਰਾਲੀ ਪ੍ਰਬੰਧਨ ਅਧੀਨ ਕਿਸਾਨਾਂ ਨੂੰ ਸੁਪਰ ਸੀਡਰ, ਆਰ.ਐੱਮ.ਬੀ. ਪਲੋਅ ਅਤੇ ਸਮਾਰਟ ਸੀਡਰ ਰਾਹੀਂ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਦੱਸਿਆ ਗਿਆ ਕਿ ਕਸਟਮ ਹਾਇਰਿੰਗ ਸੈਂਟਰਾਂ ਵਿੱਚੋਂ ਵੱਧ ਤੋਂ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਸ਼੍ਰੀ ਪਵਨਪ੍ਰੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਕਿਸਮਾਂ, ਕਣਕ ਦੀ ਫ਼ਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਵੱਖ-ਵੱਖ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਪਿੰਡ ਰੱਤਾ ਖੇੜਾ ਦਾ ਅਗਾਂਹ ਵਧੂ ਕਿਸਾਨ ਸ਼੍ਰੀ ਪਿੰਦਰਪਾਲ ਸਿੰਘ, ਜੋ ਕਿ ਪਿਛਲੇ ਕੁੱਝ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰ ਰਹੇ ਹਨ। ਉਹਨਾਂ ਨੇ ਆਪਣੇ ਤਜ਼ਰਬੇ ਬਾਰੇ ਕੈਂਪ ਵਿੱਚ ਸ਼ਾਮਲ ਹੋਏ ਜ਼ਿਮੀਦਾਰਾਂ ਨੂੰ ਦੱਸਿਆ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਕਣਕ ਬੀਜਣ ਲਈ ਜਾਗਰੂਕ ਕੀਤਾ। ਡਾ. ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਵਿਰਕ ਖੇੜਾ ਨੇ ਕਿਸਾਨਾਂ ਨੂੰ ਪਰਾਲੀ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। Author: Malout Live