ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਲਗਾਇਆ ਗਿਆ ਕਾਨੂੰਨੀ ਜਾਗਰੂਕਤਾ ਸੈਮੀਨਾਰ

ਮਲੋਟ:- ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਮੰਚ ਸੰਚਾਲਨ ਕਰ ਰਹੇ ਕਾਲਜ ਦੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਪ੍ਰੋ. ਸੁਖਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਸ਼ਿਪਰਾ ਨੇ ਮੁਫ਼ਤ ਲੀਗਲ ਏਡ ਬਾਰੇ ਜਾਣਕਾਰੀ ਦਿੰਦਿਆਂ ਇਸ ਏਡ ਲਈ ਲੋੜੀਂਦੀਆਂ ਬੁਨਿਆਦੀ ਸ਼ਰਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਦੁਆਰਾ ਵੱਖ-ਵੱਖ ਕੇਸਾਂ ਵਿੱਚ ਮੁਆਵਜ਼ਾ ਵੀ ਪ੍ਰਦਾਨ ਕਰਵਾਇਆ ਜਾਂਦਾ ਹੈ। ਉਹਨਾਂ ਲੋਕ ਅਦਾਲਤਾਂ ਬਾਰੇ ਦੱਸਿਆ ਕਿ ਇਹਨਾਂ ਅਦਾਲਤਾਂ ਵਿੱਚ ਹਫ਼ਤੇ ਦੇ ਅੰਦਰ-ਅੰਦਰ ਸੁਣਵਾਈ ਦਾ ਆਧਾਰ ਹੈ। ਰਜਿੰਦਰ ਕੁਮਾਰ ਜਜੌਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਵਲ ਅਤੇ ਅਪਰਾਧਿਕ ਕੇਸਾਂ ਦੀ ਵੱਖਰਤਾ ਅਤੇ ਉਹਨਾਂ ਦੀ ਬੁਨਿਆਦ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਐੱਫ.ਆਈ.ਆਰ, ਕੇਸ, ਬੇਲ, ਚਾਰਜਸ਼ੀਟ, ਚਲਾਨ, ਬਹਿਸ ਆਦਿ ਬਾਰੇ ਬਾਰੀਕਬੀਨੀ ਨਾਲ ਦੱਸਿਆ। ਉਹਨਾਂ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਕਰਨ ਉਪਰੰਤ ਐੱਲ.ਐੱਲ.ਬੀ ਦੀ ਡਿਗਰੀ ਹਾਸਿਲ ਕਰਨ ਉਪਰੰਤ ਬਾਰ ਕੌਂਸਲ ਅਤੇ ਲਾਇਸੈਂਸ ਆਦਿ ਬਾਰੇ ਵੀ ਦੱਸਿਆ। ਆਏ ਹੋਏ ਬੁਲਾਰਿਆਂ ਨੇ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਦਿੰਦਿਆਂ ਹੋਇਆ ਸੰਬੰਧਿਤ ਮਸਲਿਆਂ ਦੇ ਕਾਨੂੰਨੀ ਨੁਕਤਿਆਂ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਇਸ ਸੈਮੀਨਾਰ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਇਸ ਜਾਣਕਾਰੀ ਦਾ ਭਵਿੱਖ ਵਿੱਚ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਭਵਿੱਖ ਵਿੱਚ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਸੰਵਿਧਾਨਿਕ ਦਿੱਕਤ ਨਾ ਆਵੇ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਅਤੇ ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ ਨੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ। Author: Malout Live