ਡੇਂਗੂ ਦੇ ਵੱਧ ਰਹੇ ਕੇਸਾਂ ਕਾਰਨ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰਨ ਲਈ ਆਸ਼ਾ ਵਰਕਰਾਂ ਨਾਲ ਕੀਤੀ ਗਈ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡੇਂਗੂ ਦੇ ਵੱਧ ਰਹੇ ਕੇਸਾਂ ਕਾਰਨ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰਨ ਲਈ ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਰੀਆਂ ਆਸ਼ਾ ਵਰਕਰਾਂ ਨਾਲ ਹਸਪਤਾਲ ਵਿਖੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹੇ ਵਿੱਚ ਡੇਂਗੂ ਦੇ ਰੋਜ਼ਾਨਾ ਨਵੇਂ ਕੇਸ ਰਿਪੋਰਟ ਹੋ ਰਹੇ ਹਨ ਅਤੇ ਜਿਲ੍ਹੇ ਵਿੱਚ ਕੇਸਾਂ ਦੀ ਗਿਣਤੀ ਵੱਧ ਕੇ 542 ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਜਾਗਰੂਕਤਾ ਪੈਂਫਲਿਟ ਵੰਡੇ ਜਾਣ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾਵੇ।

ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਜ਼ਾਲੀਦਾਰ ਕਮਰਿਆਂ ਵਿੱਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕਰ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਇਸ ਮੌਕੇ ਗੁਰਮੇਲ ਕੌਰ LHV, ਕੇਵਲਪ੍ਰੀਤ ਕੌਰ, ਸੁਖਵੀਰ ਕੌਰ MPHW, ਵਕੀਲ ਸਿੰਘ, ਰਵੀ ਕੁਮਾਰ, ਜੋਗਿੰਦਰ ਸਿੰਘ, ਵਰਿੰਦਰ ਸ਼ਰਮਾ ਅਤੇ ਸਮੂਹ ਆਸ਼ਾ ਵਰਕਰ ਹਾਜ਼ਿਰ ਸਨ। Author: Malout Live