ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ

ਮਲੋਟ (ਪੰਜਾਬ): ਓਵਰਏਜ਼ ਬੇਰੁਜ਼ਗਾਰ ਯੂਨੀਅਨ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਦੀ ਅਗਵਾਈ ਵਿੱਚ ਯੂਨੀਅਨ ਦੀ ਅਹਿਮ ਮੀਟਿੰਗ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰਨ ਲਈ ਬਣੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸਿਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਉਮਰ ਹੱਦ ਵਿੱਚ ਛੋਟ ਦੇ ਮਸਲੇ, ਮਾਸਟਰ ਕੇਡਰ ਤੇ ਲੱਗੀ ਬੇਤੁਕੀ 55 ਪ੍ਰਤੀਸ਼ਤ ਦੀ ਸ਼ਰਤ, ਸਿੱਖਿਆ ਵਿਭਾਗ ਵਿੱਚ (ਈ.ਟੀ.ਟੀ, ਮਾਸਟਰ ਕੇਡਰ ਅਤੇਲੈਕਚਰਾਰ) ਖਾਲੀ ਪਈਆਂ ਅਸਾਮੀਆਂ ਦੀ ਭਰਤੀ ਦੇ ਇਸ਼ਤਿਹਾਰ ਸਮੇਤ ਬੇਰੋਜ਼ਗਾਰਾਂ ਦੇ ਹੋਰ ਮਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਹੋਇਆ। ਇਸ ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਤੇ ਸਿਹਤ ਵਿਭਾਗ ਦੇ ਅਫਸਰ ਹਾਜ਼ਿਰ ਸਨ।

ਯੂਨੀਅਨ ਦੀਆ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਜਲਦੀ ਬੇਰੁਜ਼ਗਾਰ ਯੂਨੀਅਨ ਦੇ ਬਣੇ ਸਾਂਝੇ ਮੋਰਚੇ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਲਈ ਕਿਹਾ। ਮਲਟੀਪਰਪਜ਼ ਹੈੱਲਥ ਵਰਕਰ ਮੇਲ ਦੀ ਭਰਤੀ ਬਾਰੇ ਗੱਲ ਕਰਨ ਤੇ ਸਿਹਤ ਵਿਭਾਗ ਵੱਲੋਂ ਉਮਰ ਵਾਲਾ ਮਸਲਾ ਹੱਲ ਕਰਕੇ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ। ਸੂਬਾ ਆਗੂ ਲਲਿਤਾ ਪਟਿਆਲਾ ਨੇ ਕਿਹਾ ਕਿ ਜੇਕਰ ਅਗਲੇ ਹਫਤੇ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਹੱਲ ਨਹੀ ਨਿਕਲਦਾ ਤਾ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਜਲਦੀ ਪੰਜਾਬ ਦੇ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। Author: Malout Live