ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ-ਉੱਨਤੀ ਉਪਰੰਤ ਡਾ. ਰੀਟਾ ਬਾਲਾ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਅੱਜ ਡਾ. ਰੀਟਾ ਬਾਲਾ ਵੱਲੋਂ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵੱਲੋਂ ਡਾ. ਰੀਟਾ ਬਾਲਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਪਦ-ਉੱਨਤੀ ਲਈ ਵਧਾਈ ਦੇ ਕੇ ਜੀ ਆਇਆਂ ਕਿਹਾ। ਇਸ ਮੌਕੇ ਡਾ. ਰੀਟਾ ਬਾਲਾ ਨੇ ਕਿਹਾ ਕਿ ਡਾ. ਬਲਵੀਰ ਸਿੰਘ ਮਾਣਯੋਗ ਸਿਹਤ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ

ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ-ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਂਦੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮਾਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਿਤਾ ਬਾਂਸਲ, ਡਰੱਗ ਇੰਸਪੈਕਟਰ ਤੋਂ ਇਲਾਵਾ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਨੇ ਸਿਵਲ ਸਰਜਨ ਡਾ. ਰੀਟਾ ਬਾਲਾ ਉਨ੍ਹਾਂ ਦੀ ਤਰੱਕੀ ਤੇ ਵਧਾਈ ਦਿੱਤੀ। Author: Malout Live