ਮੁੱਖ ਖੇਤੀਬਾੜੀ ਅਫਸਰ ਨੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ, ਡਾ: ਚਰਨਜੀਤ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਤੋ ਹੋਣ ਵਾਲੇ ਬੁਰੇ ਪ੍ਰਭਾਵਾਂ ਨੂੰ ਅਤੇ ਇਸ ਤੋਂ ਬਚਾਅ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਸਮੇਂ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਕਰਕੇ ਸਿਹਤ ਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਅਤੇ ਕੋਵਿਡ-19 ਨਾਲ 15% ਮੌਤ ਦਰ ਵਿੱਚ ਵਾਧਾ ਹੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਪੀ.ਏ.ਯੂ, ਲੁਧਿਆਣਾ ਵੱਲੋਂ ਕਿਸਾਨਾਂ ਲਈ ਅਲਾਟ ਹੋਣ ਵਾਲੇ ਐਮ-ਸੰਵਾਦ ਨੰਬਰ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਦੇ ਤਹਿਤ ਮਿਸਡ ਕਾਲ ਦੇਣ ਤੇ ਹੀ ਪਰਾਲੀ ਪ੍ਰਬੰਧਨ ਸਬੰਧੀ ਆਉਣ ਵਾਲੀਆਂ ਮੁਸਕਲਾਂ ਦਾ ਹੱਲ ਖੇਤੀ ਮਾਹਿਰਾਂ ਵੱਲੋਂ ਕੀਤਾ ਜਾਵੇਗਾ। ਆਈ-ਖੇਤ ਐਪ ਤਹਿਤ ਪਰਾਲੀ ਪ੍ਰਬੰਧਨ ਲਈ ਵਰਤੋਂ ਵਿੱਚ ਆਉਣ ਵਾਲੇ ਸੰਦਾਂ ਨੂੰ ਕਿਰਾਏ ਤੇ ਲੈਣ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਬਲਾਕ ਪੱਧਰ ਤੇ ਚੱਲ ਰਹੀਆਂ ਮਹਿਕਮੇ ਦੀਆਂ ਗਤੀਵਿਧੀਆਂ ਬਾਰੇ ਜਾਇਜ਼ਾ ਲਿਆ। ਮੀਟਿੰਗ ਵਿੱੱਚ ਸਮੂਹ ਬਲਾਕ ਖੇਤੀਬਾੜੀ ਅਫਸਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਅਤੇ ਏ.ਪੀ.ਏ.ਜੀ. ਦੇ ਨੁਮਾਇੰਦੇ ਹਾਜ਼ਰ ਸਨ।