ਖੇਤੀਬਾੜੀ ਮੰਤਰੀ ਵੱਲੋਂ ਲੰਬੀ ਹਲਕੇ ਦਾ ਦੌਰਾ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਲੋਟ (ਪੰਜਾਬ): ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਮਾਨ ਵੱਲੋਂ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਹਲਕੇ ਵਿੱਚ ਹੜ੍ਹਾਂ ਦੀ ਰੋਕਥਾਮ ਸੰਬੰਧੀ ਉਪਾਅ ਕਰਨ ਲਈ ਹਦਾਇਤ ਕੀਤੀ ਹੈ। ਉਨਾਂ ਨੇ ਕਿਹਾ ਕਿ ਹਾਲੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੁਦਰਤ ਦੀ ਮਿਹਰ ਰਹੀ ਹੈ ਅਤੇ ਕਿਤੇ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਜਿਆਦਾਤਰ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਹੋ ਚੁੱਕਾ ਹੈ ਅਤੇ ਜਿੱਥੇ ਇਹ ਕੰਮ ਬਕਾਇਆ ਹੈ ਉੱਥੇ ਇਹ ਕੰਮ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਵਿਭਾਗ ਨੂੰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਪਿੰਡ ਦਿਓਣ ਖੇੜਾ ਵਿੱਚ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀ ਤੇ ਨਿਰਭਰ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਵਿਚ ਮੱਛੀ ਪਾਲਣ ਅਤੇ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਹਿੱਤ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਇੰਨ੍ਹਾਂ ਸਹਾਇਕ ਕਿੱਤਿਆਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਖੇਤੀਬਾੜੀ ਸੰਦਾਂ ਤੇ ਦਿੱਤੀ ਜਾ ਰਹੀ ਸਬਸਿਡੀ ਸਕੀਮ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਕਿਸਾਨ ਇਸ ਲਈ 20 ਜੁਲਾਈ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਮਨੀਆਂਵਾਲਾ ਵਿੱਚ ਸੇਮ ਨਾਲੇ ਤੇ ਸਫਾਈ ਦੇ ਚੱਲ ਰਹੇ ਕੰਮ ਦਾ ਮੌਕੇ ਤੇ ਜਾ ਕੇ ਜਾਇਜ਼ਾ ਲਿਆ ਅਤੇ ਪਿੰਡਾਂ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਧੀਰਾ ਖੁੱਡੀਆ, ਗੁਰਬਾਜ ਸਿੰਘ ਵਣਵਾਲਾ, ਸੁਖਾ ਗੁਰੂਸਰ, ਕੁਲਵਿੰਦਰ ਸਿੰਘ ਮਨੀਆਂਵਾਲਾ, ਗੁਰਵਿੰਦਰ ਸਿੰਘ ਪੱਪਾ, ਕਾਲਾ ਭੀਟੀਵਾਲਾ, ਇਕਬਾਲ ਸਿੰਘ ਸਰਪੰਚ ਆਂਧਨੀਆ, ਸੁਰਜੀਤ ਸਿੰਘ ਮਿੱਡਾ, ਸ਼ਮਸ਼ੇਰ ਸਿੰਘ ਰਾਣੀਵਾਲਾ, ਗੁਰਜੀਤ ਸਿੰਘ ਆਲਮਵਾਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ। Author: Malout Live