ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 180 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ 98% ਦਸਵੰਧ ਕੱਢ ਕੇ ਮਾਨਵਤਾ ਦੀ ਭਲਾਈ ਲਈ ਲਗਾਤਾਰ ਸੇਵਾਵਾਂ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ 180 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਰਾਸ਼ੀ ਵਿਧਵਾਵਾਂ, ਬੇਸਹਾਰਾ ਬਜ਼ੁਰਗਾਂ ਅਤੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਹਰ ਮਹੀਨੇ ਪਿਛਲੇ 7 ਸਾਲਾਂ ਤੋਂ ਲਗਾਤਾਰ ਦਿੱਤੀ ਜਾ ਰਹੀ ਹੈ।
ਇਸੇ ਤਰਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਮੁਫ਼ਤ ਸਿਲਾਈ ਸਿਖਲਾਈ ਸੈਂਟਰ, ਬਿਊਟੀ ਪਾਰਲਰ ਸੈਂਟਰ, ਕੰਪਿਊਟਰ ਸੈਂਟਰ ਵੀ ਚਲਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਲੜਕੇ ਅਤੇ ਲੜਕੀਆਂ ਇੱਥੋਂ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ ਅਤੇ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਚਾਹਲ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਮਲਕੀਤ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਪਾਲ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਗੁਰਜੀਤ ਸਿੰਘ ਜੀਤਾ ਬਰਨੇਕ ਸਿੰਘ ਆਦਿ ਹਾਜਿਰ ਸਨ। Author: Malout Live