ਚੰਡੀਗੜ੍ਹ 'ਚ ਜ਼ਮੀਨ ਨੂੰ ਲੈ ਕੇ ਰਾਜਪਾਲ ਨੂੰ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ
ਮਲੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਮੰਗ ਪੱਤਰ ਸੌਂਪਿਆ। ਜਿਸ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਨੂੰ ਵਿਧਾਨ ਸਭਾ ਦੇ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਫੈਸਲੇ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਫ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਜੇ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣੀ ਹੈ ਤਾਂ ਉਹ ਪੰਚਕੂਲਾ ਵਿੱਚ ਦਿੱਤੀ ਜਾਵੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਇਸ ਦਾ ਵਿਰੋਧ ਨਹੀਂ ਕੀਤਾ ਗਿਆ
ਬਲਕਿ ਜਦੋਂ ਹਰਿਆਣਾ ਨੇ ਜ਼ਮੀਨ ਦੀ ਮੰਗ ਕੀਤੀ ਤਾਂ ਮਾਨ ਨੇ ਵੀ ਇਹ ਮੰਗ ਕੀਤੀ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੇ ਲਈ ਜ਼ਮੀਨ ਦਿੱਤੀ ਜਾਵੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਅੱਜ ਕੋਈ ਵੀ ਵਿਅਕਤੀ ਪੰਜਾਬ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ। ਇਸ ਤੋਂ ਇਲਾਵਾ ਮੁਸਤਰਕਾ ਖਾਤਾ ਜ਼ਮੀਨਾਂ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਲੋਕਾਂ ਦਾ 100-100 ਸਾਲਾਂ ਤੋਂ ਜ਼ਮੀਨਾਂ ਤੇ ਕਬਜ਼ਾ ਹੈ ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਜ਼ਮੀਨਾਂ ਦੇ ਉੱਪਰ ਕਬਜ਼ਾ ਕਰਨਾ ਚਾਹੁੰਦੀ ਹੈ ਜੋ ਕਿ ਗਲਤ ਹੈ। ਬਾਦਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਰਾਜਪਾਲ ਸੂਬਾ ਸਰਕਾਰ ਤੇ ਲਗਾਮ ਲਗਾਉਣ ਤਾਂ ਜੋ ਉਹ ਅਜਿਹੇ ਗਲਤ ਫੈਸਲੇ ਨਾ ਲਵੇ। Author: Malout Live