ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਲੋਕ ਜ਼ਰੂਰ ਕਰਵਾਉਣ ਆਪਣੀ ਫੂਡ ਸੇਫਟੀ ਸੰਬੰਧੀ ਰਜਿਸਟ੍ਰੇਸ਼ਨ- ਸ਼੍ਰੀ ਵਿਨੀਤ ਕੁਮਾਰ (ਆਈ.ਏ.ਐੱਸ.)
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਫੂਡ ਸੇਫਟੀ ਅਤੇ ਹੈਲਥੀ ਡਾਇਟ ਸੰਬੰਧੀ ਜ਼ਿਲ੍ਹਾ ਲੈਵਲ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਾਨਯੋਗ ਸ਼੍ਰੀ ਵਿਨੀਤ ਕੁਮਾਰ (ਆਈ.ਏ.ਐੱਸ.) ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੀਆਂ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਫੂਡ ਸੇਫਟੀ ਅਧੀਨ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਆਨਲਾਇਨ ਐੱਫ.ਐੱਸ.ਐੱਸ.ਏ.ਆਈ ਦੇ ਪੋਰਟਲ ਤੇ ਜਾ ਕੇ ਕੋਈ ਵੀ ਵਿਅਕਤੀ ਖੁਦ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦਾ ਹੈ ਅਤੇ ਅਪਲਾਈ ਕਰਨ ਉਪਰੰਤ ਦੋ ਦਿਨਾਂ ਦੇ ਅੰਦਰ-ਅੰਦਰ ਉਸ ਨੂੰ ਉਸ ਦੇ ਮੋਬਾਇਲ ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਖਾਣ-ਪੀਣ ਦਾ ਸਮਾਨ ਤਿਆਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਜਾਂ ਰੇਹੜੀ ਵਾਲਿਆਂ ਨੂੰ ਫੌਸ ਟੈਕ ਟ੍ਰੇਨਿੰਗ ਪ੍ਰਾਪਤ ਕਰਨੀ ਜ਼ਰੂਰੀ ਕੀਤੀ ਗਈ। ਜੋ ਕਿ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਸਾਰੇ ਫੂਡ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੂਡ ਤਿਆਰ ਕਰਨ ਵਾਲੇ ਮਾਲਿਕ ਜਾਂ ਮੁਲਾਜ਼ਮਾਂ ਨੂੰ ਇਹ ਟ੍ਰੇਨਿੰਗ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਵੱਖ-ਵੱਖ ਜਗ੍ਹਾ ਤੇ ਈਟ ਰਾਈਟ ਕੈਂਪਸ ਬਣਾਏ ਜਾਣਗੇ ਅਤੇ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੇ ਚਾਲਕ ਸਿਰਫ਼ ਇਨ੍ਹਾਂ ਕੈਂਪਾ ਤੇ ਹੀ ਖਾਣ-ਪੀਣ ਦੇ ਸਮਾਨ ਦੀ ਵਿਕਰੀ ਕਰ ਸਕਣਗੇ ਅਤੇ ਫੂਡ ਸੇਫਟੀ ਸਟੈਂਡਰਡ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਖਾਣ-ਪੀਣ ਦੇ ਸਮਾਨ ਦੀ ਵਿਕਰੀ ਕਰਨਗੇ। ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਫੂਡ ਸੇਫਟੀ ਐਕਟ ਨੂੰ ਜ਼ਿਲ੍ਹੇ ਵਿੱਚ ਪੂਰਨ ਤੌਰ ‘ਤੇ ਲਾਗੂ ਕੀਤਾ ਜਾਵੇਗਾ। ਤਿਉਹਾਰਾਂ ਦੇ ਸੀਜ਼ਨ ਵਿੱਚ ਖਾਣ-ਪੀਣ ਵਾਲੀਆਂ ਸਾਰੀਆਂ ਵਸਤੂਆਂ 'ਤੇ ਵਿਸ਼ੇਸ਼ ਧਿਆਨ ਰੱਖਣ ਲਈ ਮੁਹਿੰਮ ਚਲਾਈ ਜਾਵੇਗੀ। ਸਮੇਂ-ਸਮੇਂ 'ਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਫੂਡ ਸੇਫਟੀ ਟੀਮ ਵੱਲੋਂ ਕੀਤੀ ਜਾਵੇਗੀ। ਜਿੱਥੇ ਕਿਤੇ ਕੋਈ ਮਿਲਾਵਟ ਦਾ ਸ਼ੱਕ ਹੋਵੇਗਾ ਤਾਂ ਉਸ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣਗੇ ਅਤੇ ਮਿਲਾਵਟਖੋਰਾ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਫਲਾਂ, ਸਬਜ਼ੀਆਂ ਅਤੇ ਮੀਟ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ ਅਤੇ ਸਟੀਰਾਇਡ ਨਾਲ ਤਿਆਰ ਕੀਤੇ ਮੀਟ ਜਾਂ ਸਬਜ਼ੀਆਂ ਪਾਏ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤੂਆਂ ਦੀ ਖਰੀਦ ਕਰਨ ਸਮੇਂ ਧਿਆਨ ਰੱਖਿਆ ਜਾਵੇ। ਇਸ ਮੌਕੇ ਅਭਿਨਵ ਖੋਸਲਾ ਫੂਡ ਸੇਫਟੀ ਅਫ਼ਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਾਜ਼ਿਰ ਸਨ। Author: Malout Live