ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ
ਮਲੋਟ (ਪੰਜਾਬ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ 2 ਦਿਨਾਂ ਵਿੱਚ ਮਾਣ ਭੱਤਾ ਨਾ ਮਿਲਿਆ ਤਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ 8 ਜਨਵਰੀ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਧਰਨੇ ਦੇ ਸੰਬੰਧ ਵਿੱਚ ਜੱਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਵਾਰ-ਵਾਰ ਸੰਬੰਧਿਤ ਵਿਭਾਗ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲ ਰਿਹਾ ਤੇ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 4 ਮਹੀਨਿਆਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਸੈਂਟਰ ਫੰਡ ਨਹੀਂ ਮਿਲਿਆ। ਐੱਨ.ਜੀ.ਓ. ਅਧੀਨ ਚੱਲ ਰਹੇ 8 ਬਲਾਕਾਂ ਨੂੰ ਤਾਂ ਪਿਛਲੇ 7 ਮਹੀਨਿਆਂ ਦਾ ਸੈਂਟਰ ਫੰਡ ਨਹੀਂ ਮਿਲਿਆ ਅਤੇ 3 ਮਹੀਨਿਆਂ ਦਾ ਸਟੇਟ ਫੰਡ ਨਹੀਂ ਮਿਲਿਆ। ਸੂਬਾ ਪ੍ਰਧਾਨ ਨੇ ਕਿਹਾ ਕਿ ਮਹਿਕਮੇ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਇਹ ਲਾਰੇ ਲਗਾਏ ਜਾ ਰਹੇ ਹਨ ਕਿ ਇਸ ਹਫ਼ਤੇ ਮਾਣ ਭੱਤਾ ਮਿਲ ਜਾਵੇਗਾ ਪਰ ਮਸਲਾ ਉੱਥੇ ਦਾ ਉੱਥੇ ਹੀ ਖੜ੍ਹਾ ਹੈ। ਮਾਣ ਭੱਤਾ ਨਾ ਮਿਲਣ ਕਰਕੇ ਅਨੇਕਾਂ ਵਰਕਰਾਂ ਤੇ ਹੈਲਪਰਾਂ ਟੈਨਸ਼ਨ ਵਿੱਚ ਹਨ ਤੇ ਇੱਕ ਦੋਵਾਂ ਦੀ ਮੌਤ ਵੀ ਹੋ ਚੁੱਕੀ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਜੱਥੇਬੰਦੀ ਕੋਲ ਸੰਘਰਸ਼ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਰਿਹਾ,ਜਿਸ ਕਰਕੇ ਇਹ ਫੈਸਲਾ ਕੀਤਾ ਗਿਆ ਹੈ। Author: Malout Live