ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਉਣ ਲਈ ਗਤੀਵਿਧੀਆਂ ਦੇ ਨਾਲ-ਨਾਲ ਕੀਤਾ ਜਾ ਰਿਹਾ ਹੈ ਜਾਗਰੂਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਅੱਜ ਸ਼ਹਿਰੀ ਵਿਖੇ ਮਿਡਵੇ ਕਲੋਨੀ, ਮਾਡਲ ਟਾਊਨ, ਫਾਇਰ ਬ੍ਰਿਗੇਡ ਅਤੇ ਆਸ-ਪਾਸ ਦੇ ਏਰੀਏ ਅਤੇ ਖਾਲੀ ਪਲਾਟਾਂ ਵਿੱਚ ਖੜ੍ਹੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਪਾਣੀ ਸੱਤ ਦਿਨਾਂ ਤੋਂ ਵੱਧ ਸਟੋਰ ਨਾ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀਆਂ ਟੈਂਕੀਆਂ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਕਿਹਾ ਗਿਆ। ਇਸ ਦੌਰਾਨ ਟੀਮ ਨੇ ਜਾਗਰੂਕਤਾ ਪੈਂਫਲੇਟ ਵੰਡੇ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਮੌਕੇ ਤੇ ਨਸ਼ਟ ਕਰਵਾਏ। ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਬਾਰਿਸ਼ਾਂ ਦੇ ਮੌਸਮ ਤੋਂ ਬਾਅਦ ਖੜ੍ਹੇ ਪਾਣੀ ਵਿੱਚ ਮਲੇਰੀਆ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋ ਸਕਦੇ ਹਨ ਅਤੇ ਬਿਮਾਰੀਆਂ ਫੈਲਾ ਸਕਦੇ ਹਨ, ਇਸ ਲਈ ਜਰੂਰੀ ਹੈ ਕਿ ਆਪਣੇ ਘਰਾਂ ਅਤੇ ਆਪਣੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ

ਅਤੇ ਜੇਕਰ ਪਾਣੀ ਖੜ੍ਹਾ ਹੈ ਤਾਂ ਉਸ ਵਿੱਚ ਕਾਲਾ ਤੇਲ ਜਾਂ ਲਾਰਵਾ ਵਿਰੋਧੀ ਦਵਾਈ ਦਾ ਛਿੜਕਾਅ ਹਰ ਹਫਤੇ ਕੀਤਾ ਜਾਵੇ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜ੍ਹਨ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਲਾਲ ਚੰਦ ਜਿਲ਼੍ਹਾ ਹੈੱਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਸਿਹਤ ਵਰਕਰ ਵਕੀਲ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ, ਹਰਮੇਲ ਸਿੰਘ, ਦਿਲਬਾਗ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ। Author: Malout Live