22 ਅਗਸਤ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਲਗਾਇਆ ਜਾਵੇਗਾ ਧਰਨਾ
ਮਲੋਟ:- ਪਿੰਡ ਮਲੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਸਾਂਝੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 22 ਅਗਸਤ ਤੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿਨ ਰਾਤ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਮੀਟਿੰਗ ਵਿੱਚ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਪਿਛਲੇ ਸਾਲ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਲੈਣ, ਲੰਬੀ ਤਹਿਸੀਲ ਅੱਗੇ ਲੱਗੇ ਧਰਨੇ ਸਮੇਂ ਲਾਠੀਚਾਰਜ ਦੌਰਾਨ ਦਰਜ ਪੁਲਿਸ ਕੇਸ ਰੱਦ ਕਰਵਾਉਣ, 2015 ਵਿੱਚ ਮੀਟਰ ਬਾਹਰ ਕੱਢਣ ਸਮੇਂ ਦਰਜ ਕੇਸ ਰੱਦ ਕਰਨ ਸਮੇਤ ਬਾਰਿਸ਼ਾਂ ਨਾਲ ਹੁਣ ਖ਼ਰਾਬ ਹੋਈਆਂ ਫ਼ਸਲਾਂ ਅਤੇ ਮਜ਼ਦੂਰਾਂ ਦੇ ਡਿੱਗੇ ਮਕਾਨਾਂ ਦਾ ਮੁਆਵਜ਼ਾ ਲੈਣ ਆਦਿ ਮੰਗਾਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਲੰਬੀ ਦੇ ਦੌਰੇ ਦੌਰਾਨ ਪਿੰਡ ਪੰਨੀਵਾਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ ਵਫ਼ਦ ਨਾਲ ਬੈਠਕ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਬੈਠਕ ਕਰਕੇ ਮਸਲੇ ਹੱਲ ਕਰਨ ਦੀ ਹਦਾਇਤ ਦਿੱਤੀ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਸ਼ ਸਿੰਘ ਵਾਲਾ ਤੇ ਗੁਰਜੰਟ ਸਿੰਘ ਸਾਉਂਕੇ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰ ਵੱਲ ਮੰਗਾਂ ਹੱਲ ਕਰਨ ਲਈ ਪੱਤਰ ਭੇਜਿਆ ਗਿਆ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਮੰਗਾਂ ਹੱਲ ਕਰਨ ਦੀ ਥਾਂ ਟਾਲ ਮਟੋਲਾ ਰਾਹੀਂ ਸਮਾਂ ਲੰਘਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਦੋਵੇਂ ਜੱਥੇਬੰਦੀਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਪਿੰਡਾਂ ਵਿੱਚ ਵਿਸ਼ਾਲ ਲਾਮਬੰਦੀ ਕਰਕੇ 22 ਅਗਸਤ ਨੂੰ ਲੱਗਣ ਵਾਲੇ ਧਰਨੇ ਨੂੰ ਸਫ਼ਲ ਕੀਤਾ ਜਾਵੇਗਾ। ਇਸ ਸਮੇਂ ਰਾਜਾ ਸਿੰਘ, ਬਾਜ਼ ਸਿੰਘ ਭੁੱਟੀ ਵਾਲਾ, ਕਾਕਾ ਸਿੰਘ ਖੁੰਡੇ ਹਲਾਲ, ਰਾਜ ਸਿੰਘ ਮਹਾਂਬੱਧਰ, ਸੁਖਦੇਵ ਸਿੰਘ ਮਲੋਟ ਆਦਿ ਆਗੂ ਹਾਜ਼ਿਰ ਸਨ। Author: Malout Live