ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਅਨਾਜ ਮੰਡੀਆਂ ਵਿੱਚ ਕੀਤੇ ਗਏ ਹਨ ਢੁਕਵੇਂ ਪ੍ਰਬੰਧ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ :-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਰੋਨਾ ਵਾਇਰਸ ਵਰਗੀ ਮਾਹਾਮਾਰੀ ਦੇ ਚਲਦਿਆਂ ਕਿਸਾਨਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਤੇ ਕਣਕ ਵੇਚਣ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਖਰੀਦਣ ਲਈ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਵਲੋਂ ਸਾਰੇ ਢੁੱਕਵੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਮਾਰਕੀਟ ਕਮੇਟੀਆਂ ਵਲੋਂ 123 ਅਨਾਜ ਮੰਡੀਆਂ ਤੋਂ ਇਲਾਵਾ 117 ਸੈਲਰਾਂ ਵਿੱਚ ਕਿਸਾਨਾਂ ਦੀ ਕਣਕ ਖਰੀਦਣ ਲਈ ਪ੍ਰਬੰਧ ਕੀਤੇ ਗਏ ਹਨ। ਇਹਨਾਂ ਖਰੀਦ ਕੇਂਦਰਾਂ ਤੇ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਸਹੂਲਤਾਂ ਲਈ ਪੀਣ ਵਾਲਾ ਪਾਣੀ, ਲਾਇਟਾਂ ਅਤੇ ਸਾਫ ਸਫਾਈ ਦਾ ਸੁਚੱਜਾਂ ਪ੍ਰਬੰਧ ਕੀਤਾ ਗਿਆ ਹੈ ਅਤੇ ਅਨਾਜ ਮੰਡੀਆਂ ਵਿੱਚ ਦਾਖਲ ਹੋਣ ਸਮੇਂ ਮੰਡੀ ਬੋਰਡ ਵਲੋੋਂ ਹੱਥ ਧੋਣ ਲਈ ਪਾਣੀ ਅਤੇ ਸਾਬਣ ਦਾ ਪ੍ਰਬੰਧ ਕੀਤਾ ਗਿਆ ਹੈ।
ਸ੍ਰੀ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਿਸਾਨਾਂ ਲਈ ਕਣਕ ਅਨਾਜ ਮੰਡੀਆਂ ਵਿੱਚ ਲਿਆਉਣ ਲਈ ਮਾਰਕੀਟ ਕਮੇਟੀਆਂ ਵਲੋਂ ਪਾਸ ਜਾਰੀ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਪਾਸ ਜਾਰੀ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆਂ ਕਿ ਜ਼ਿਲ੍ਹੇ ਦੇ ਵੱਖ ਵੱਖ ਖਰੀਦ ਕੇਂਦਰਾਂ ਤੇ ਬੀਤੇ ਦਿਨੀ 628 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 248 ਮੀਟਰਕ ਟਨ ਕਣਕ ਖਰੀਦ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਕਣਕ ਸੁੱਕੀ ਤੇ ਸਾਫ ਸੁਥਰੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।