‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਹਲਕਾ ਵਿਧਾਇਕ ਨੇ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਲਾਸਰ ਧਾਮ ਲਈ ਬੱਸ ਨੂੰ ਕੀਤਾ ਰਵਾਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਲਾਸਰ ਧਾਮ ਲਈ ਬੱਸ ਨੂੰ ਸ੍ਰ. ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ ਸ਼੍ਰੀ ਮੁਕਤਸਰ ਸਾਹਿਬ ਨੇ ਰਵਾਨਾ ਕੀਤਾ। ਇਸ ਬੱਸ ਵਿੱਚ 46 ਸ਼ਰਧਾਲੂ ਧਾਰਮਿਕ ਅਸਥਾਨ ਲਈ ਰਵਾਨਾ ਹੋਏ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ (ਰਾਜਸਥਾਨ) ਵਿਖੇ ਯਾਤਰਾ ਕਰਵਾਉਣ ਉਪਰੰਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਾਪਸ ਪਰਤੇਗੀ। ਹਲਕਾ ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੰਜਾਬ ਦੇ ਹਰੇਕ ਹਲਕੇ ਵਿੱਚੋਂ ਬੱਸਾਂ ਰਾਹੀਂ ਪੰਜਾਬ ਦੇ ਵੱਖ-ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੀ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਉਨ੍ਹਾਂ ਲਈ ਇਹ ਯੋਜਨਾ ਵਰਦਾਨ ਸਾਬਿਤ ਹੋ ਰਹੀ ਹੈ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ਼੍ਰੀ ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ ਬਰੀਵਾਲਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ-ਸਹਿਣ ਅਤੇ ਖਾਣੇ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। Author : Malout Live