ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨ ਰਵਾਨਾ ਚਲਾਈ
ਪਰਾਲੀ_ਨਾ_ਸਾੜਨ_ਸਬੰਧੀ_ਜਾਗਰੂਕਤਾ_ਵੈਨ_ਰਵਾਨਾ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੁਕ ਕਰਨ ਲਈ ਇਕ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ। ਅੱਜ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਹਰੀ ਝੰਡੀ ਵਿਖਾ ਕੇ ਇਸ ਵੈਨ ਨੂੰ ਜ਼ਿਲੇ ਦੇ ਪਿੰਡਾਂ ਲਈ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਆਈ.ਏ.ਐਸ. ਵੀ ਉਨਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਨਿਪਟਾਰਾ ਕਰਨ। ਉਨਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਾਡਾ ਵਾਤਾਵਰਨ ਖਰਾਬ ਹੁੰਦਾ ਹੈ ਅਤੇ ਨਾਲ ਹੀ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨਾਂ ਨੇ ਕਿਹਾ ਕਿ ਇਸ ਨਾਲ ਹੋਣ ਵਾਲਾ ਧੂੰਆਂ ਅਨੇਕਾਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨਾਂ ਨੇ ਕਿਹਾ ਕਿ ਧਾਰਾ 144 ਤਹਿਤ ਵੀ ਪਰਾਲੀ ਸਾੜਨ ਦੇ ਰੋਕ ਲਗਾਈ ਗਈ ਹੈ ਅਤੇ ਜੇਕਰ ਕੋਈ ਇਸ ਹੁਕਮ ਦੀ ਉਲੰਘਣਾ ਕਰੇਗਾ ਤਾਂ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਵਾਹੁਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ।
ਇਸ ਮੌਕੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਸ੍ਰੀ ਰਵੀਪਾਲ ਨੇ ਕਿਹਾ ਕਿ ਪਰਾਲੀ ਸਾੜਨਾ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਕਾਰਵਾਈ ਹੈ ਅਤੇ ਕਿਸਾਨ ਵੀਰ ਆਪਣੀ ਜਮੀਨ, ਚੌਗਿਰਦੇ ਅਤੇ ਮਨੁੱਖੀ ਸਿਹਤ ਦੀ ਸੰਭਾਲ ਲਈ ਪਰਾਲੀ ਨਾ ਸਾੜਨ। ਉਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਪਿੱਛਲੇ ਸਾਲ ਅੱਗ ਨਹੀਂ ਲਗਾਈ ਸੀ ਉਨਾਂ ਦੀ ਫਸਲ ਬਹੁਤ ਚੰਗੀ ਹੋਈ ਸੀ। ਉਨਾਂ ਦੱਸਿਆ ਕਿ ਇਹ ਵੈਨ ਸਾਰੇ ਪਿੰਡਾਂ ਵਿਚ ਜਾਵੇਗੀ।