21 ਫਰਵਰੀ ਤੋਂ ਪਹਿਲਾਂ-ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ- ਡਿਪਟੀ ਕਮਿਸ਼ਨਰ
ਮਲੋਟ: ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ 21 ਫਰਵਰੀ ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਂਅ ਅਤੇ ਸੜਕਾਂ ਦੇ ਨਾਂਅ , ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿੱਚ ਲਿਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਂਅ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਥੱਲੇ ਲਿਖਿਆ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਹ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਹੋਈਆਂ ਹਨ, ਜਿਸ ਦੇ ਸੰਦਰਭ ਵਿੱਚ ਜ਼ਿਲ੍ਹਾ ਅਧਿਕਾਰੀ ਨੇ ਪੱਤਰ ਜਾਰੀ ਕੀਤਾ ਹੈ। ਇਸੇ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੁੱਦੇ ’ਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਨ੍ਹਾਂ ਪੰਜਾਬੀ ਪ੍ਰਚਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ, ਸ਼ਬਦ-ਜੋੜ ਠੀਕ ਹੋਣ ’ਤੇ ਧਿਆਨ ਦੇਣ। ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਕਮੀ ਪਾਈ ਜਾਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਵੱਲੋਂ ਦਰੁਸਤੀ ਕੀਤੀ ਜਾਵੇ। Author: Malout Live