Punjab

ਭਾਰਤ ਭੂਸ਼ਣ ਆਸ਼ੂ ‘ਤੇ ਸਾਰੀ ਕਾਰਵਾਈ ਕਾਨੂੰਨ ਮੁਤਾਬਿਕ ਹੋਈ, ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ- CM ਮਾਨ

ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ। ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਰੀ ਕਾਰਵਾਈ ਕਾਨੂੰਨ ਮੁਤਾਬਿਕ ਹੋਈ ਹੈ। ਭਗਵੰਤ ਮਾਨ ਨੇ ਕਿਹਾ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਿਕ ਆਪਣਾ ਕੰਮ ਕੀਤਾ ਹੈ। ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ। ਜਾਣਕਾਰੀ ਮੁਤਾਬਿਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਵੀ ਦੋਸ਼ ਲਾਇਆ ਸੀ। ਇਸ ਗ੍ਰਿਫਤਾਰੀ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ। ਕਾਂਗਰਸ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦੱਸਿਆ ਹੈ। ਦੱਸਣਯੋਗ ਹੈ ਕਿ ਭਿਸ਼੍ਰਟਾਚਾਰ ਮਾਮਲੇ ‘ਚ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।

Author: Malout Live

Leave a Reply

Your email address will not be published. Required fields are marked *

Back to top button