ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ 16 ਨਵੰਬਰ ਨੂੰ ਪੰਜਾਬ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ
ਮਲੋਟ: ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਉਹਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ-ਪ੍ਰਦਰਸ਼ਨ ਕਰਨ ਲਈ 16 ਨਵੰਬਰ ਨੂੰ ਸੂਬੇ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇਬੰਦੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਅੰਤਰ ਦਾ ਪਤਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਦੇ ਸੰਬੰਧ ਵਿੱਚ ਅਜੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਸਾਨਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਦੇ ਰੋਸ ਵਜੋਂ 16 ਨਵੰਬਰ ਨੂੰ ਪੰਜਾਬ ਵਿੱਚ ਚਾਰ ਪ੍ਰਮੁੱਖ ਥਾਵਾਂ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਤਰ ਹੋ ਕੇ ਸੜਕ ਜਾਮ ਕਰਦੇ ਹੋਏ ਰੋਸ ਪ੍ਰਦਰਸ਼ਨ ਕਰਨਗੇ। ਉਹਨਾਂ ਦੱਸਿਆ ਕਿ ਪੰਜ ਜ਼ਿਲ੍ਹਿਆਂ ਲੁਧਿਆਣਾ, ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਵਰਕਰ ਉਸ ਦਿਨ ਪਟਿਆਲਾ-ਰਾਜਪੁਰਾ ਰੋਡ 'ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵੱਜੋਂ ਚੱਕਾ ਜਾਮ ਕਰਨਗੇ। Author: Malout Live