ਲੋਕਾਂ ਨੂੰ ਬਿਤਹਰ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ, ਵਿਕਾਸ ਪ੍ਰੋਜ਼ੈਕਟ ਹੋਣ ਤੈਅ ਸਮਾਂ ਹੱਦ ਅੰਦਰ ਮੁਕੰਮਲ- ਗੁਰਮੀਤ ਸਿੰਘ ਖੁੱਡੀਆਂ
ਮਲੋਟ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਰਕਾਰੀ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਪ੍ਰੇਸਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਭ ਵਿਭਾਗਾਂ ਨੂੰ ਹਦਾਇਤ ਹੈ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰੇਕ ਲੋੜਵੰਦ ਵਿਅਕਤੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਦੇ ਸਕੂਲਾਂ ਵਿੱਚ 181 ਨਵੇਂ ਕਮਰੇ ਬਣਾਏ ਜਾ ਰਹੇ ਹਨ ਜਦ ਕਿ 8 ਕਰੋੜ ਰੁਪਏ ਜਿਲ੍ਹੇ ਦੇ ਸਕੂਲਾਂ ਵਿੱਚ ਚਾਰਦਿਵਾਰੀਆਂ ਲਈ ਜਾਰੀ ਕੀਤੇ ਗਏ ਹਨ। ਇਸੇ ਤਰਾਂ ਜਿਲ੍ਹੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਲਈ 20 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਇੰਨ੍ਹਾਂ ਵਿੱਚ ਹੁਣ ਤੱਕ 1 ਲੱਖ 27 ਮਰੀਜ ਇਲਾਜ ਕਰਵਾ ਚੁੱਕੇ ਹਨ ਜਦ ਕਿ 40 ਹਜਾਰ ਤੋਂ ਵਧੇਰੇ ਮੈਡੀਕਲ ਟੈਸਟ ਮੁਫ਼ਤ ਕੀਤੇ ਗਏ ਹਨ।
ਇਸੇ ਤਰਾਂ ਜਿਲ੍ਹੇ ਵਿੱਚ ਬਿਜਲੀ ਸਪਲਾਈ ਨੂੰ ਹੋਰ ਬਿਹਤਰ ਕਰਨ ਲਈ 16 ਨਵੇਂ 11 ਕੇਵੀ ਫੀਡਰ ਚਾਲੂ ਕੀਤੇ ਗਏ ਹਨ ਜਦ ਕਿ 66 ਕੇਵੀ ਫੀਡਰਾਂ ਤੇ ਕੰਪੈਸਟਰ ਲਗਾਏ ਗਏ ਹਨ ਤਾਂ ਜੋ ਬਿਜਲੀ ਵੋਲਟੇਜ਼ ਘੱਟਣ ਦੀ ਸਮੱਸਿਆ ਦਾ ਹੱਲ ਹੋ ਸਕੇ। ਇਸੇ ਤਰਾਂ ਜਿਲ੍ਹੇ ਵਿੱਚ 23 ਹੋਰ ਨਵੇਂ 11 ਕੇਵੀ ਫੀਡਰ ਬਣਾਏ ਜਾਣਗੇ। ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਹੋਰ ਦੱਸਿਆ ਕਿ ਜਿਲ੍ਹੇ ਵਿੱਚ 386 ਕਿਲੋਮੀਟਰ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ ਜਦ ਕਿ 142 ਕਿਲੋਮੀਟਰ ਨਵੀਂਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿਸ ਵਿੱਚੋਂ 129 ਕਿਲੋਮੀਟਰ ਦਾ ਕੰਮ ਮੁਕੰਮਲ ਹੋ ਗਿਆ ਹੈ। ਇਸੇ ਤਰਾਂ 142 ਕਿਲੋਮੀਟਰ ਸੜਕਾਂ ਨੂੰ PMGSY ਸਕੀਮ ਤਹਿਤ ਅਪਗ੍ਰੇਡ ਕੀਤਾ ਜਾ ਰਿਹਾ ਹੈ ਜਿਸ ਵਿਚੋਂ 130 ਕਿਲੋਮੀਟਰ ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਿਰ ਸਨ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ SSP ਸ਼੍ਰੀ ਹਰਮਨਬੀਰ ਸਿੰਘ ਗਿੱਲ, SP ਕੁਲਵੰਤ ਰਾਏ, SDM ਸ਼੍ਰੀ ਜ਼ਸਨਦੀਪ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਸ. ਗੁਰਬਾਜ ਸਿੰਘ ਵਣਵਾਲਾ, ਸ. ਰਾਜਾ ਮਾਹੂਆਣਾ, ਸ. ਗੁਰਬਾਜ ਸਿੰਘ ਪੀ.ਏ, ਸ. ਤੋਜੀ ਲੰਬੀ, ਸ. ਪਰਮਪਾਲ ਸਿੰਘ ਲੰਬੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ। Author: Malout Live