ਪੰਜਾਬ ਵਿੱਚ 18 ਅਪ੍ਰੈਲ ਤੋਂ ਲਗਾਏ ਜਾਣਗੇ ਬਲਾਕ ਸਿਹਤ ਮੇਲੇ- ਸਿਹਤ ਮੰਤਰੀ ਵਿਜੈ ਸਿੰਗਲਾ
ਮਲੋਟ:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਣ ਪਾਏ ਗਏ ਹਨ। ਬਲਾਕ ਪੱਧਰ ’ਤੇ ਆਯੋਜਿਤ ਹੋਣ ਵਾਲੇ ਸਿਹਤ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬਿਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ।
ਇਹ ਮੇਲੇ ਬਲਾਕ ਪੱਧਰ ’ਤੇ ਆਯੋਜਿਤ ਕੀਤੇ ਜਾਣਗੇ, ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ। ਇਨ੍ਹਾਂ ਸਿਹਤ ਮੇਲਿਆਂ ਦੇ ਸਫ਼ਲ ਆਯੋਜਨ ਸੰਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਿਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿਚ ਵੀ ਮੱਦਦ ਕਰਨਗੇ ਅਤੇ ਲੈਬੋਰੇਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫ਼ਰਲ ਆਦਿ ਵੱਖ-ਵੱਖ ਸਹੂਲਤਾਂ ਇਕ ਥਾਂ ’ਤੇ ਉਪਲੱਬਧ ਹੋਣਗੀਆਂ। Author : Malout Live