ਵਿਸ਼ੇਸ਼ ਖੂਨਦਾਨ ਪੰਦਰਵਾੜੇ ਦੌਰਾਨ 23 ਜੂਨ ਨੂੰ ਸਿਵਲ ਸਰਜਨ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ ਵਿਸ਼ੇਸ਼ ਖੂਨਦਾਨ ਕੈਂਪ: ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਵਿਸ਼ਵ ਖੂਨਦਾਨ ਦਿਵਸ ਦੇ ਸੰਬੰਧ ਵਿੱਚ ਲੋਕਾਂ ਨੂੰ ਸਵੈ-ਇਛੁੱਕ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 14 ਜੂਨ ਤੋਂ 28 ਜੂਨ ਤੱਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ ਵੱਲੋਂ ਜਿਲ੍ਹੇ ਵਿੱਚ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਸਵੈ ਇੱਛਕ ਖੂਨਦਾਨ ਕਰਨ ਲਈ ਵੱਖ-ਵੱਖ ਸੈਮੀਨਾਰ ਅਤੇ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੂਨਦਾਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦੋਰਾਨ 14 ਜੂਨ ਨੂੰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਸੀ ਅਤੇ 23 ਜੂਨ 2023 ਨੂੰ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਦੇ ਦਫਤਰ ਦੇ ਸਟਾਫ ਵੱਲੋਂ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਜਿਸ ਸੰਬੰਧੀ ਦਫਤਰ ਦੇ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾਂ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਅਦ ਆਪਣਾ ਖੂਨਦਾਨ ਜਰੂਰ ਕਰਨ ਤਾਂ ਜੋ ਲੋੜਵੰਦਾਂ ਦੀ ਮੱਦਦ ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ। ਇਸ ਮੌਕੇ ਡਾ. ਅਮਨਿੰਦਰ ਸਿੰਘ ਬੀ.ਟੀ.ਓ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ। Author: Malout Live