ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼੍ਰੀ ਸਾਲਾਸਰ ਧਾਮ ਲਈ ਬੱਸ ਰਵਾਨਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼੍ਰੀ ਸਾਲਾਸਰ ਧਾਮ ਲਈ ਅੱਜ ਇੱਕ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਹਲਕੇ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿੱਚ 40 ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਗਏ ਹਨ। ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿੱਤ ਲਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ।
ਉਨਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਸਮਾਜ ਲਈ ਬਹੁਤ ਹੀ ਉਪਯੋਗੀ ਸਾਬਤ ਹੋਵੇਗੀ, ਕਿਉਂਕਿ ਧਰਮ ਨਾਲ ਜੁੜੇ ਹੋਏ ਲੋਕ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨਾਂ ਆਖਿਆ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਜਾ ਸਕਣਗੇ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਡੀ.ਐਮ ਸ਼੍ਰੀ ਕੰਵਰਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਹਰਿੰਦਰ ਸਿੰਘ ਬੇਦੀ ਵੀ ਹਾਜ਼ਿਰ ਸਨ। ਸ਼ਰਧਾਲੂਆਂ ਨੇ ਯਾਤਰਾ ਤੇ ਲੈ ਕੇ ਜਾਣ ਲਈ ਪੰਜਾਬ ਸਰਕਾਰ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਹ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। Author: Malout Live