ਮੰਤਰੀ ਮੰਡਲ ਵੱਲੋਂ ਐਮ.ਐਸ.ਪੀ. ’ਤੇ ਛੋਟ ਪ੍ਰਾਪਤ ਕਰਨ ਲਈ ਪ੍ਰਾਈਵੇਟ ਮਾਰਕੀਟ ਯਾਰਡ ਦੀ ਜ਼ਰੂਰਤ ਨੂੰ ਹਟਾਉਣ ਲਈ ਹਰੀ ਝੰਡੀ
ਚੰਡੀਗੜ:ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਦੋ ਫੀਸਦੀ ਅਦਾਇਗੀ ਤੋਂ ਛੋਟ ਪ੍ਰਾਪਤ ਕਰਨ ਲਈ ਪ੍ਰਾਈਵੇਟ ਮਾਰਕੀਟ ਯਾਰਡ ਸਥਾਪਤ ਕਰਨ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤਾ ਗਿਆ ਹੈ ਜੋ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਦੇ ਯਤਨਾਂ ਦਾ ਇਕ ਹਿੱਸਾ ਹੈ।ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਫੂਡ ਪ੍ਰੋਸੈਸਿੰਗ ਯੂਨਿਟਾਂ ਵੱਲੋਂ ਕਿਸਾਨਾਂ ਦੇ ਉਤਪਾਦਾਂ ਦੀ ਸਿੱਧੀ ਖਰੀਦ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੇਗੀ। ਇਸ ਸਬੰਧ ਵਿੱਚ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਨੀਤੀ 2017 ਦੀ ਧਾਰਾ 10.11.3 ਵਿੱਚ ਸੋਧ ਨੂੰ ਮਨਜੂਰੀ ਦਿੱਤੀ ਗਈ ਹੈ।