ਕਨੋਲਾ ਗੋਭੀ ਸਰ੍ਹੋਂ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ- ਡਾ. ਕਰਮਜੀਤ ਸ਼ਰਮਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਤਰਖਾਣ ਵਾਲਾ ਵਿਖੇ ਕਨੋਲਾ ਗੋਭੀ ਸਰ੍ਹੋਂ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿਨਤਾ ਵਿੱਚ ਸਰ੍ਹੋਂ ਦੀ ਫਸਲ ਦੇ ਮਹੱਤਵ ਅਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ। ਦੱਸਿਆ ਕਿ ਕੇ.ਵੀ.ਕੇ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਨੋਲਾ ਗੋਭੀ ਸਰ੍ਹੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਕਨੋਲਾ ਗੋਭੀ ਸਰ੍ਹੋਂ ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2 ਪ੍ਰਤੀਸ਼ਤ ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਰ ਸਾਲ ਕਿਸਾਨ ਮੇਲੇ ਲਗਾਏ ਜਾਂਦੇ ਹਨ, ਇਨ੍ਹਾਂ ਕਿਸਾਨ ਮੇਲਿਆਂ ਵਿੱਚ ਕਿਸਾਨ ਵੱਧ ਤੋਂ ਵੱਧ ਸ਼ਿਰਕਤ ਕਰਨ।
ਉਨ੍ਹਾਂ ਦੱਸਿਆ ਕਿ ਆਪਣੇ ਇਲਾਕੇ ਦਾ ਕਿਸਾਨ ਮੇਲਾ ਫਰੀਦਕੋਟ ਵਿਖੇ 18 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਆਪਣੇ ਸੰਬੋਧਨ ਵਿੱਚ ਬਾਸਮਤੀ ਵਿੱਚ ਹੋਣ ਵਾਲੇ ਝੰਡਾ ਰੋਗ ਤੋਂ ਬਚਾਅ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨ ਵੀਰਾਂ ਨੂੰ ਖਾਲੀ ਥਾਵਾਂ ਉਪਰ ਉੱਘੇ ਨਦੀਨਾਂ ਦੇ ਖਾਤਮੇ ਲਈ ਪ੍ਰੇਰਿਆ। ਇਸ ਦੇ ਨਾਲ ਹੀ ਡਾ. ਵਿਵੇਕ ਸ਼ਰਮਾ (ਪਸ਼ੂ ਵਿਗਿਆਨ) ਨੇ ਪਸ਼ੂਆਂ ਵਿੱਚ ਮਲੱਪਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਗਰਮੀਆਂ ਵਿੱਚ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਅੰਤ ਵਿੱਚ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਫਸਲ ਦੇ ਚੰਗੇ ਝਾੜ ਪ੍ਰਾਪਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਨੇ ਸਭ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ ਬਨਾਉਣ ਅਤੇ ਖੇਤੀ ਸਾਹਿਤ ਪੜਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਾਰੇ ਹੀ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। Author: Malout Live