India News

ਕੈਪਟਨ ਵਲੋਂ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਕੌਮੀ ਨੀਤੀ ਬਣਾਉਣ ‘ਤੇ ਜ਼ੋਰ

ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਹਿਆਤ ਹੋਟਲ ਵਿਖੇ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਦੀ ਲਾਹਨਤ ਨਾਲ ਵਿਆਪਕ ਢੰਗ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਤੁਰੰਤ ਬਣਾਉਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਇਸ ਨੀਤੀ ਨੂੰ ਤਿਆਰ ਕਰਨ ਲਈ ਕੇਂਦਰ ਨੂੰ ਪੂਰਾ ਸਹਿਯੋਗ ਦੇਣ ਲਈ ਆਖਿਆ ਜਿਸ ‘ਚ ਨਸ਼ਿਆਂ ਦੀ ਸਮੱਸਿਆ ਨਾਲ ਜੁੜੇ ਸਾਰੇ ਪਹਿਲੂ ਸ਼ਾਮਲ ਕੀਤੇ ਜਾਣ। ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੇ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਇਹ ਨੇਕ ਕਾਰਜ ਬਿਨਾਂ ਕਿਸੇ ਦੇਰੀ ਤੋਂ ਪੂਰਾ ਕਰਨ ਲਈ ਜ਼ੋਰ ਦਿੱਤਾ। ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਲਈ ਅੰਤਰਰਾਜੀ ਪਾਣੀ ਦਾ ਵਿਵਾਦ ਵੱਖਰੇ ਤੌਰ ‘ਤੇ ਵਿਚਾਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਮਾਮਲਾ ਪਹਿਲਾਂ ਹੀ ਅਦਾਲਤੀ ਸੁਣਵਾਈ ਅਧੀਨ ਹੈ। ਪੰਜਾਬ ਦੀ ਚਿਰੋਕਣੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਸੀਨੀਅਰ ਆਈ. ਏ. ਐੱਸ/ਆਈ. ਪੀ. ਐੱਸ. ਅਧਿਕਾਰੀਆਂ ਜਾਂ ਜੂਨੀਅਰ ਪੱਧਰ ਦੇ ਮੁਲਾਜ਼ਮਾਂ ਦੀ ਤਾਇਨਾਤੀ ਵਿਚ ਪੰਜਾਬ ਤੇ ਹਰਿਆਣਾ ਦਰਮਿਆਨ 60:40 ਅਨੁਪਾਤ ‘ਤੇ ਬਣੀ ਅਸਲ ਸਹਿਮਤੀ ‘ਤੇ ਸੱਚੀ-ਸੁੱਚੀ ਭਾਵਨਾ ਨਾਲ ਅਮਲ ਕੀਤਾ ਜਾਵੇ।

Leave a Reply

Your email address will not be published. Required fields are marked *

Back to top button