ਕੈਪਟਨ ਅਮਰਿੰਦਰ ਸਿੰਘ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਅੱਜ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਦੌਰਾਨ ਉਹ ਲੋਹੀਆਂ ਗਿੱਦੜਪਿੰਡੀ ਨੇੜੇ ਪਈ ਦਰਾਰ ਦਾ ਵੀ ਜਾਇਜ਼ਾ ਲੈਣਗੇ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਲੋਕ ਆਪਣੇ ਘਰ-ਬਾਰ ਛੱਡ ਕੇ ਜਾਣ ਲਈ ਮਜਬੂਰ ਹਨ। ਹੜ੍ਹ ਦਾ ਜ਼ਿਆਦਾ ਅਸਰ ਜਲੰਧਰ ਤੇ ਰੋਪੜ ਜ਼ਿਲ੍ਹੇ ‘ਚ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸ਼ਾਹਕੋਟ ਅਤੇ ਲੋਹੀਆਂ ਖਾਸ ‘ਚ ਸਤਲੁਜ ਦਰਿਆ ਦਾ ਬੰਨ ਟੁੱਟਣ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਖਰਾਬ ਹੋ ਚੁੱਕੀ ਹੈ ਅਤੇ ਲੋਕ ਘਰਾਂ ਦੀਆਂ ਛੱਤਾਂ ‘ਤੇ ਰਾਤਾਂ ਗੁਜ਼ਾਰਨ ਨੂੰ ਮਜਬੂਰ ਹਨ। ਇਥੇ ਇਹ ਵੀ ਦੱਸਣਾ ਬਣਦਾ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਰੋਪੜ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ ਸੀ, ਜਿਥੇ ਉਹਨਾਂ ਨੇ ਹੜ੍ਹ ਪੀੜਤਾਂ ਨੂੰ 100 ਕਰੋੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।