District News

ਮੁਕਤਸਰ ਪੁੱਜੇ ਕੈਪਟਨ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਸ੍ਰੀ ਮੁਕਤਸਰ ਸਾਹਿਬ – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ‘ਚ ਚਲਾਏ ਜਾ ਰਹੇ ਜ਼ੋਰਦਾਰ ਸੰਘਰਸ਼ ਅੱਗੇ ਪੰਜਾਬ ਸਰਕਾਰ ਨੂੰ ਆਖਰ ‘ਚ ਝੁਕਣਾ ਹੀ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਨੀਅਨ ਦੇ ਵਫਦ ਨਾਲ ਗੱਲਬਾਤ ਕਰਕੇ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਪਟਨ ਨੇ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਨਾਲ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ, ਜਿਸ ਦੌਰਾਨ ਮੰਗ-ਪੱਤਰ ਦਿੱਤਾ ਗਿਆ। ਵਰਕਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਵਰਕਰਾਂ ਅਤੇ ਹੈਲਪਰਾਂ ਦੇ ਜਿਹੜੇ ਪੈਸੇ ਕੱਟੇ ਗਏ ਹਨ, ਵਾਪਸ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ‘ਚ ਵਾਧਾ ਕੀਤਾ ਸੀ ਪਰ ਪੰਜਾਬ ਸਰਕਾਰ ਨੇ 1500 ਦੀ ਥਾਂ 900 ਤੇ 750 ਦੀ ਥਾਂ 450 ਰੁਪਏ ਹੀ ਦਿੱਤੇ। ਇਸੇ ਕਾਰਨ ਨਾਰਾਜ਼ ਜਥੇਬੰਦੀ ਵਲੋਂ ਪਹਿਲਾਂ ਬਲਾਕ ਅਤੇ ਜ਼ਿਲਾ ਪੱਧਰ ‘ਤੇ ਸੰਘਰਸ਼ ਕੀਤਾ ਗਿਆ ਤੇ ਫਿਰ ਵਿਧਾਨ ਸਭਾ ਹਲਕਿਆਂ, ਜਿੱਥੇ ਚੋਣਾਂ ਹੋ ਰਹੀਆਂ ਹਨ, ਉਥੇ ਵੱਡੀਆਂ ਰੋਸ ਰੈਲੀਆਂ ਕੀਤੀਆਂ ਗਈਆਂ ਹਨ। ਇਸ ਸਮੇਂ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਰਾਵਿੰਦ ਕੁਮਾਰ, ਜ਼ਿਲਾ ਪੁਲਸ ਮੁੱਖੀ ਰਾਜ ਬਚਨ ਸਿੰਘ ਸੰਧੂ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

Back to top button