ਕੈਪਟਨ ਨੇ ਹੜ੍ਹ ਪੀੜ੍ਹਤਾਂ ਲਈ PM ਤੋਂ ਮੰਗੀ 1000 ਕਰੋੜ ਮਦਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਵਿੱਚ ਆਏ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ 1,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਿਆ ਹੈ। ਕੈਪਟਨ ਨੇ ਮੋਦੀ ਨੂੰ ਹੜ੍ਹ ਪੀੜਤ ਇਲਾਕਿਆਂ ਵਿੱਚ ਬਚਾਅ ਕਾਰਜ ਤੇ ਮਦਦ ਪਹੁੰਚਾਉਣ ਦੀ ਵੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਵਿੱਚ ਦੱਸਿਆ ਹੈ ਕਿ 1958 ਤੋਂ ਬਾਅਦ ਹੁਣ ਤੱਕ ਦਾ ਭਾਖੜਾ ਡੈਮ ਵਿੱਚੋਂ ਸਤਲੁਜ ਦਰਿਆ ਵਿੱਚ ਇਸ ਵਾਰ ਸਭ ਤੋਂ ਵੱਧ ਪਾਣੀ ਛੱਡਿਆ ਗਿਆ ਜਿਸ ਨਾਲ ਖੜੀਆਂ ਫਸਲਾਂ ਦਾ ਨੁਕਸਾਨ ਹੋ ਗਿਆ। ਇਸ ਪਾਣੀ ਕਾਰਨ ਪੰਜਾਬ ਦੇ ਰੂਪਨਗਰ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਦੇ 100 ਤੋਂ ਵੱਧ ਪਿੰਡਾਂ ਵਿੱਚ ਕਈ-ਕਈ ਫੁੱਟ ਪਾਣੀ ਭਰ ਗਿਆ ਹੈ, ਜਦਕਿ ਤਕਰੀਬਨ 326 ਤੋਂ ਵੱਧ ਪਿੰਡ ਹੜ੍ਹਾਂ ਦੇ ਮਾਰ ਹੇਠ ਆਏ ਹਨ। ਮੁੱਢਲੇ ਅਨੁਮਾਨਾਂ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ 326 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ।