District NewsMalout News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ‘ਚ ਬਦਲਾਅ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸੰਬੰਧਿਤ ਗੁਰਦੁਆਰਾ ਬੋਰਡ ਚੋਣ ਸਰਕਲਾਂ ‘ਚ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ‘ਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ 2024 ਤੱਕ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ

ਤੇ ਉਸੇ ਦਿਨ ਵੋਟਰ ਸੂਚੀਆਂ ਸੰਬੰਧੀ ਦਾਅਵੇ ਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10 (3) ਅਨੁਸਾਰ 21 ਅਪ੍ਰੈਲ 2024 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਤੇ ਛਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ 2024 ਨੂੰ ਕੀਤੀ ਜਾਵੇਗੀ।

Author: Malout Live

Back to top button