ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 30 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ- ਖੇਤੀਬਾੜੀ ਅਫ਼ਸਰ
ਸ਼੍ਰੀ ਮੁਕਤਸਰ ਸਾਹਿਬ/ਮਲੋਟ:- ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਰਕਾਰ ਵੱਲੋਂ 1500/-ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ‘ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁੱਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ਤੇ ਅਪਲੋਡ ਨਹੀਂ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਪ੍ਰੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੋਰਟਲ ‘ਤੇ ਰਜਿਸਟਡ ਹੋਣ ਦੀ ਆਖ਼ਰੀ ਮਿਤੀ 30 ਜੂਨ 2022 ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrimachinerypb.com/home/DSR22 ‘ਤੇ 30 ਜੂਨ 2022 ਤੱਕ ਦਰਜ ਕਰਵਾ ਲੈਣ ਤਾਂ ਜੋ ਉਹਨਾਂ ਨੂੰ 1500/-ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ‘ਤੇ ਦਰਜ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ‘ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸੰਬੰਧਿਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟ੍ਰੇਸ਼ਨ ਕਰਨ ਸਮੇਂ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ। ਆਖ਼ੀਰ ਵਿੱਚ ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ‘ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ।
Author: Malout Live