ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਏਜੰਡਾ ਕੀਤਾ ਤਿਆਰ
ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਯੋਜਨਾ ਤਿਆਰ ਕੀਤੀ ਗਈ। ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ CM ਭਗਵੰਤ ਮਾਨ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ 'ਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਂਸਲਾ ਕੀਤਾ ਅਤੇ ਉਹਨਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ 'ਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ।
ਉਹਨਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀ.ਆਰ.ਐੱਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ 'ਚ ਮੁਹਿੰਮ ਵਿੱਢੀ ਗਈ ਹੈ। ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। CM ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ 'ਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। Author: Malout Live