District NewsMalout News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਮੰਤਰੀ ਤੋਂ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ। ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿਚਕਾਰ ਦੂਰੀ ਨੂੰ ਘਟਾਉਣ ਦੀ ਅਪੀਲ ਕੀਤੀ ਤਾਂ ਜੋ ਤਾਰ ਦੇ ਪਾਰ ਆਪਣੀ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ 150-200 ਮੀਟਰ ਤੱਕ ਘਟਾ ਦਿੱਤੀ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਨਾਲ ਇੱਕ ਪਾਸੇ ਜ਼ਮੀਨ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ। ਇੱਕ ਹੋਰ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪਠਾਨਕੋਟ ਵਿਖੇ ਕੌਮੀ ਸੁਰੱਖਿਆ ਗਾਰਡਜ਼ (ਐੱਨ.ਐੱਸ.ਜੀ) ਦਾ ਖੇਤਰੀ ਕੇਂਦਰ ਸਥਾਪਿਤ ਕਰਨ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਪਠਾਨਕੋਟ ਏਅਰਬੇਸ ‘ਤੇ ਹਮਲੇ ਦੌਰਾਨ ਗੁੜਗਾਓਂ ਤੋਂ ਐੱਨ.ਐੱਸ.ਜੀ ਨੂੰ ਰਵਾਨਾ ਕੀਤਾ ਗਿਆ ਸੀ, ਜਿਸ ਵਿੱਚ ਕਾਫੀ ਸਮਾਂ ਲੱਗਾ ਸੀ। ਮਾਨ ਨੇ ਕਿਹਾ ਕਿ ਪਠਾਨਕੋਟ ਵਿਖੇ ਐੱਨ.ਐੱਸ.ਜੀ ਕੇਂਦਰ ਦੀ ਸਥਾਪਨਾ ਨਾਲ ਪੂਰੇ ਉੱਤਰੀ ਖੇਤਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮੱਦਦ ਮਿਲੇਗੀ। ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਰਹੱਦੀ ਸੂਬਾ ਹੋਣ ਦੇ ਨਾਤੇ ਸੁਰੱਖਿਆ ਕਾਰਨਾਂ ਕਰਕੇ ਏ ਸ਼੍ਰੇਣੀ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (ਬੀ.ਏ.ਡੀ.ਪੀ) ਸਕੀਮ ਤਹਿਤ ਬਕਾਇਆ ਫੰਡ ਜਾਰੀ ਕਰਨ ਦੀ ਵੀ ਜ਼ੋਰਦਾਰ ਅਪੀਲ ਕੀਤੀ। ਉਹਨਾਂ ਦੁੱਖ ਪ੍ਰਗਟਾਇਆ ਕਿ ਇਹ ਫੰਡ ਪਿਛਲੇ 2 ਵਿੱਤੀ ਸਾਲਾਂ (2020-21 ਤੇ 2021-22) ਤੋਂ ਵੰਡੇ ਨਹੀਂ ਗਏ। ਇਸ ਕਾਰਨ ਸੂਬੇ ਵਿੱਚ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਹੋਇਆ ਅਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਵੀ ਔਕੜਾਂ ਪੇਸ਼ ਆ ਰਹੀਆਂ ਹਨ। ਮੁੱਖ ਮੰਤਰੀ ਨੇ ਪੁਲਸ ਫੋਰਸ ਦੇ ਆਧੁਨਿਕੀਕਰਨ (ਐੱਮ.ਓ.ਪੀ.ਐੱਫ) ਫੰਡਾਂ ਦੇ ਸੰਬੰਧ ਵਿੱਚ ਸੂਬੇ ਨੂੰ ਛੋਟ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਮੇਂ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਸਕੀਮ ਤਹਿਤ ਕੈਟਾਗਰੀ-ਬੀ ਸੂਬਿਆਂ ਲਈ (2014-15 ਤੋਂ) ਉਸਾਰੀ ਕਾਰਜਾਂ ਅਤੇ ਵਾਹਨ ਦੇ ਸੰਚਾਲਨ ਲਈ ਫੰਡਾਂ ਦੀ ਗ੍ਰਾਂਟ ਬੰਦ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਐੱਮ.ਓ.ਪੀ.ਐੱਫ ਫੰਡ ਖਰਚ ਕਰਨ ਦੀ ਛੋਟ ਅਤੇ ਉਸਾਰੀ ਤੇ ਵਾਹਨ ਲਈ ਖਰਚਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

Author: Malout Live

Leave a Reply

Your email address will not be published. Required fields are marked *

Back to top button