ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀਆਂ ਨੂੰ ਨਵੇਂ ਹੁਕਮ, 5 Star ਹੋਟਲਾਂ 'ਚ ਹੁਣ ਨਹੀਂ ਰਹਿ ਸਕਣਗੇ ਮੰਤਰੀ
ਪੰਜਾਬ ਸਰਕਾਰ ਵੀ.ਆਈ.ਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫ਼ਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫ਼ਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫ਼ੀ ਬੋਝ ਪੈਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨੂੰ ਕਿਹਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਮਹਿੰਗੇ ਹੋਟਲਾਂ ’ਚ ਠਹਿਰਨ ਤੋਂ ਗੁਰੇਜ਼ ਕਰਨ। ਇਸ ਨਾਲ ਸਰਕਾਰੀ ਖਜ਼ਾਨੇ ਉੱਪਰ ਬੋਝ ਵੀ ਘਟੇਗਾ ਤੇ ਸਰਕਾਰ ਦਾ ਅਕਸ ਵੀ ਚੰਗਾ ਬਣੇਗਾ। ਉੱਧਰ, ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਸਾਰੇ ਵਿਭਾਗਾਂ ਤੋਂ ਰੈਸਟ ਹਾਊਸਾਂ ਦੇ ਵੇਰਵੇ ਹਾਸਿਲ ਕੀਤੇ ਗਏ ਹਨ। ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਕੀਤੀ ਜਾਣੀ ਹੈ। ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ’ਚੋਂ ਕਰਨ ਵਾਸਤੇ ਕਿਹਾ ਗਿਆ ਹੈ। ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ। ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ। ਪੰਜਾਬ ਵਿੱਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿੱਚ ਹੈ। Author: Malout Live