ਸਿਵਲ ਸਰਜਨ ਡਾ. ਨਵਜੋਤ ਕੌਰ ਦੀ ਅਗਵਾਈ ਵਿੱਚ ਦਫਤਰ ਸਿਵਲ ਸਰਜਨ ਵਿਖੇ ‘ਸਾਂਸ ਪ੍ਰੋਗਰਾਮ’ ਅਧੀਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਦਫਤਰ ਸਿਵਲ ਸਰਜਨ ਵਿਖੇ ‘ਸਾਂਸ ਪ੍ਰੋਗਰਾਮ’ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸੁਪਰਵਾਇਜ਼ਰੀ ਸਟਾਫ ਨੂੰ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਨਮੂਨੀਆ ਮੁੱਖ ਕਾਰਨ ਹੈ, ਜੋ ਕਿ ਫੇਫੜਿਆਂ ਵਿੱਚ ਰੋਗਾਣੂੰਆਂ ਦੀ ਲਾਗ ਨਾਲ ਹੁੰਦਾ ਹੈ ਅਤੇ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਆਪਣੀ ਸੰਸਥਾ ਵਿੱਚ ਕੰਮ ਕਰਦੇ ਸਾਰੇ ਸਟਾਫ ਨੂੰ ਇਸ ਪ੍ਰੌਗਰਾਮ ਬਾਰੇ ਟ੍ਰੇਨਿੰਗ ਦਿੱਤੀ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਵੀ ਨਮੂਨੀਆ ਤੋਂ ਬਚਣ ਲਈ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਸਰਦੀਆਂ ਵਿੱਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰ ਨਾ ਤੁਰਨ ਦਿਉ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਪਰਮਦੀਪ ਸਿੰਘ ਸੰਧੂ ਬੱਚਿਆਂ ਦੇ ਮਾਹਿਰ, ਦੀਪਕ ਕੁਮਾਰ ਡੀ.ਪੀ.ਐੱਮ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਹਾਜ਼ਿਰ ਸਨ। Author: Malout Live