CM ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ

ਮਲੋਟ (ਪੰਜਾਬ):- ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐੱਪ ਆਧਾਰਤ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ। ਇਸ ਨੰਬਰ ਉੱਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉੱਤੇ ਪੰਜਾਬ ਪੁਲਿਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ।

ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇੱਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇੱਕ ਸਿਪਾਹੀ, ਹੋਮਗਾਰਡ ਦੇ ਇੱਕ ਜਵਾਨ, ਦੋ ਪਟਵਾਰੀਆਂ, ਇੱਕ ਕਲਰਕ, ਇੱਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੱਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐੱਸ. ਨਗਰ ਦੇ ਇਕ ਪ੍ਰਿੰਸੀਪਲ, ਇੱਕ ਮੈਡੀਕਲ ਅਫ਼ਸਰ, ਇੱਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇੱਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ। Author: Malout Live