ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਅਧੀਨ ਲਗਾਏ ਜਾਣਗੇ ਵਿਸ਼ੇਸ ਕੈਂਪ: ਡਾ ਰੰਜੂ ਸਿੰਗਲਾ ਸਿਵਲ ਸਰਜਨ
ਮਲੋਟ:- ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜਰ ਸੂਬੇ ਪਰ ਵਿੱਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ਾਂ ਅਨੁਸਾਰ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਫੀਲਡ ਸਟਾਫ਼ ਅਤੇ ਆਸ਼ਾ ਵਰਕਰਾਂ ਵੱਲੋਂ ਸਰਵੇ ਕਰਕੇ ਘੱਟ ਨਿਗ੍ਹਾ ਵਾਲੇ ਵਿਅਕਤੀਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਵਿਸ਼ੇਸ ਕੈਂਪਾਂ ਵਿੱਚ ਲਿਆ ਕੇ ਚੈਕਅੱਪ ਕਰਵਾਇਆ ਜਾਵੇਗਾ।
ਡਾ.ਰੰਜੂ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜਿਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਦਸੰਬਰ ਮਹੀਨੇ ਦੇ ਅੰਦਰ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਉਹਨਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਪੂਰਾ ਲਾਭ ਉਠਾਉਣ।