ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਸੀ.ਐੱਮ ਮਾਨ ਦਾ ਟਵੀਟ

ਮਲੋਟ (ਪੰਜਾਬ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (ਬਠਿੰਡਾ ਦਿਹਾਤੀ) 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਂਸਲਾ ਬੁਲੰਦ ਰੱਖਦੀਆਂ ਹਨ।

ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ 'ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (ਬਠਿੰਡਾ ਦਿਹਾਤੀ) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਵਿਧਾਇਕ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਮਿਤ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। Author: Malout Live