ਕਮਿਸ਼ਨਰ ਫਿਰੋਜ਼ਪੁਰ ਮੰਡਲ ਨੇ ਜਿ਼ਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਮਲੋਟ:- ਕਮਿਸ਼ਨਰ ਫਿਰੋਜ਼ਪੁਰ ਮੰਡਲ ਫਿਰੋਜ਼ਪੁਰ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਜਿ਼ਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਅੱਜ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ ਅਤੇ ਬਰਸਾਤੀ ਪਾਣੀ ਨੂੰ ਕੱਢਣ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਜਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲੈਂਦਿਆਂ ਉੱਥੇ ਉਹਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦੁਆਇਆ।
ਉਹਨਾਂ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਇਹ ਵੀ ਆਦੇਸ਼ ਦਿੱਤੇ ਕਿ ਨੀਵੇਂ ਪਿੰਡਾਂ ਵਿੱਚ ਬਰਸਾਤੀ ਪਾਣੀ ਕੱਢਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕਮਿਸ਼ਨਰ ਨੇ ਜਿ਼ਲ੍ਹੇ ਦੇ ਪਿੰਡ ਉਦੇਕਰਨ, ਥਾਂਦੇਵਾਲਾ, ਮਹਾਂਬੱਧਰ, ਗੰਧਰ ਅਤੇ ਲੱਖੇਵਾਲੀ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲਿਆ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵੀ ਲਗਾਤਾਰ ਮਲੋਟ ਸਬ-ਡਿਵੀਜ਼ਨ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। Author: Malout Live