ਕੋਰੋਨਾ ਤੋਂ ਬਚਣ ਲਈ ਮੁਕੰਮਲ ਕੋਵਿਡ ਟੀਕਾਕਰਣ ਜ਼ਰੂਰੀ- ਡਾ. ਰੰਜੂ ਸਿੰਗਲਾ ਸਿਵਲ ਸਰਜਨ

ਮਲੋਟ: ਸ਼੍ਰੀ ਵਿਨੀਤ ਕੁਮਾਰ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਅਗਵਾਈ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਟੀਕਾਕਰਣ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਤੋਂ ਬਚਣ ਲਈ ਮੁਕੰਮਲ ਕੋਵਿਡ ਟੀਕਾਕਰਣ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣਾ ਕੋਵਿਡ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਨੇ ਦੂਜੀ ਡੋਜ਼ ਨਹੀਂ ਲਗਾਈ ਉਹ ਆਪਣੀ ਦੂਜੀ ਡੋਜ਼ ਵੀ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਕਾਫ਼ੀ ਕੇਸ ਪਾਜ਼ੀਟਿਵ ਆਏ ਸਨ, ਜੋ ਕਿ ਸਾਰੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਹੁਣ ਕੋਈ ਵੀ ਕੋਰੋਨਾ ਦਾ ਪਾਜ਼ੀਟਿਵ ਕੇਸ ਨਹੀਂ ਹੈ ਪਰੰਤੂ ਕੋਰੋਨਾ ਤੋਂ ਬਚਾਅ ਲਈ ਆਪਣੀ ਮੁਕੰਮਲ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ 12 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਦੇ ਕੋਰਬੀਵੈਕਸ ਵੈਕਸੀਨ ਲਗਾਈ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦਾ ਕੋਈ ਵੀ ਸਾਇਡ ਇਫੈਕਟ ਨਹੀਂ ਹੈ। ਬੱਚਿਆਂ ਨੂੰ ਕੋਵਿਡ ਤੋਂ ਸੁਰੱਖਿਅਤ ਕਰਦੀ ਹੈ ਅਤੇ 15 ਤੋਂ 18 ਸਾਲ ਦੇ ਬੱਚਿਆਂ ਦੇ ਕੋਵੈਕਸੀਨ ਲਗਾਈ ਜਾ ਰਹੀ ਹੈ। ਇਹ ਵੈਕਸੀਨ ਵੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਲਈ ਆਪਣੇ ਬੱਚਿਆਂ ਦੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਈ ਜਾਵੇ ਤਾਂ ਜੋ ਕੋਰੋਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤੀਆਂ ਜਾਣ ਜਿਵੇਂ ਕਿ ਭੀੜ-ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਮਾਸਕ ਦੀ ਵਰਤੋਂ ਕੀਤੀ ਜਾਵੇ, ਆਪਸੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਜਾਂ ਅਲਕੋਹਲ ਯੁਕਤ ਸੈਨੇਟਾਇਜ਼ਰ ਨਾਲ ਸਾਫ਼ ਕੀਤਾ ਜਾਵੇ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ। Author: Malout Live