ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਸੰਬੰਧ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਸੀ.ਐੱਡ ਪੀ.ਐਨ.ਡੀ.ਟੀ ਐਕਟ ਅਧੀਨ ‘ਬੇਟੀ ਬਚਾਓ ਬੇਟੀ ਪੜ੍ਹਾਓ' ਸੰਬੰਧੀ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਸਮਾਗਮ ਵਿੱਚ ਡਾ. ਬੰਦਨਾ ਬਾਂਸਲ DMC, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਰਾਹੁਲ ਜਿੰਦਲ SMO ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਮਨਜੀਤ ਕੌਰ ਨਰਸਿੰਗ ਸਿਸਟਰ, ਭੁਪਿੰਦਰ ਸਿੰਘ ਸਟੈਨੋ ਅਤੇ ਸਿਵਲ ਹਸਪਤਾਲ ਦੇ ਸਟਾਫ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਨਵਜੋਤ ਕੌਰ ਨੇ ਸਾਲ 2023 ਵਿੱਚ ਪੈਦਾ ਹੋਈਆਂ ਬੰਬੀਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਤੇ ਬੱਚੀਆਂ ਦੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਮੂੰਗਫਲੀ ਅਤੇ ਰਿਉੜੀਆਂ ਵੰਡੀਆਂ। ਇਸ ਸਮੇਂ ਉਹਨਾਂ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ।ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆਂ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ।

ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਮੂੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਲਿੰਗ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸੰਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ। ਇਸ ਮੌਕੇ ਡਾ. ਬੰਦਨਾ ਬਾਸਲ DMC ਨੇ ਕਿਹਾ ਕਿ ਸਾਨੂੰ ਸਮਾਜ ਵਿੱਚੋਂ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਾਨੂੰ ਆਪਣੇ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜਤ ਕਰਨ ਲਈ ਸਮਝਾਉਣਾ ਚਾਹੀਦਾ ਹੈ। ਇਸ ਮੌਕੇ 61 ਨਵ-ਜਨਮੀਆਂ ਲੜਕੀਆਂ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਲੋਹੜੀ ਮਨਾਈ ਗਈ। ਇਸ ਸਮੇਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ। Author: Malout Live