ਡੀ.ਸੀ ਅਤੇ ਐੱਸ.ਐੱਸ.ਪੀ ਨੇ ਖੁੱਦ ਖੇਤਾਂ ਵਿੱਚ ਮੌਕੇ `ਤੇ ਪਹੁੰਚ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਐੱਸ.ਐੱਸ.ਪੀ, ਸ਼੍ਰੀ ਭਾਗੀਰਥ ਸਿੰਘ ਮੀਨਾ ਖੁੱਦ ਜਿਲ੍ਹੇ ਦੇ ਪਿੰਡਾਂ ਦੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਵੱਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਡੋਹਕ, ਕਾਨਿਆਂਵਾਲੀ, ਨਿਜ਼ਾਮਤਪੁਰਾ ਦਾ ਦੌਰਾ ਕੀਤਾ ਅਤੇ ਥਾਂ-ਥਾਂ ਤੇ ਰੁੱਕ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸਦਾ ਨਿਪਟਾਰਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਕਰਨ ਦੀ ਅਪੀਲ ਕੀਤੀ। ਪਿੰਡ ਕਾਨਿਆਂਵਾਲੀ ਵਿੱਚ ਤਾਂ ਫਾਇਰ ਬ੍ਰਿਗੇਡ ਮੌਕੇ `ਤੇ ਬੁਲਾ ਕੇ ਅੱਗ ਨੂੰ ਬੁਝਾਇਆ ਗਿਆ। ਆਪਣੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਕਿਸਾਨ ਦਾ ਆਪਣਾ ਹੈ ਕਿਉਂਕਿ ਅਜਿਹਾ ਕਰਕੇ ਕਿਸਾਨ ਪਰਾਲੀ ਦੇ ਰੂਪ ਵਿੱਚ ਜ਼ਮੀਨ ਨੂੰ ਮਿਲਣ ਵਾਲੇ ਪੌਸ਼ਕ ਤੱਤਾਂ ਨੂੰ ਹੀ ਨਸ਼ਟ ਕਰ ਦਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਜ਼ਮੀਨ ਵਿੱਚ ਜੈਵਿਕ ਮਾਦੇ ਵਿੱਚ ਵਾਧਾ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਹੁਣ ਇਸ ਲਈ ਬਹੁਤ ਸਾਰੀਆਂ ਮਸ਼ੀਨਾਂ ਉਪਲਬੱਧ ਹਨ, ਜਿੰਨ੍ਹਾਂ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਅਤੇ ਬਿਨ੍ਹਾਂ ਖੇਤ ਵਿੱਚੋਂ ਬਾਹਰ ਕੱਢੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਕਿਸਾਨ ਮਸ਼ੀਨਾਂ ਕਿਰਾਏ `ਤੇ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ ਜਾਂ ਆਈ ਖੇਤ ਮੋਬਾਇਲ ਐਪ ਸਹਾਰੇ ਵੀ ਆਪਣੇ ਨਜ਼ਦੀਕ ਉਪਲਬੱਧ ਮਸ਼ੀਨਾਂ ਕਿਰਾਏ `ਤੇ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ `ਤੇ ਮੁਕੰਮਲ ਰੋਕ ਹੈ ਅਤੇ ਅਜਿਹਾ ਕਰਨ ਵਾਲੇ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਸ਼੍ਰੀ ਗੁਰਵਿੰਦਰ ਸਿੰਘ ਵਿਰਕ, ਸ਼੍ਰੀ ਹਰਿੰਦਰਪਾਲ ਸਿੰਘ ਬੇਦੀ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਜੋਬਨਦੀਪ ਸਿੰਘ ਏ.ਡੀ.ਓ ਖੇਤੀਬਾੜੀ ਵਿਕਾਸ ਅਫ਼ਸਰ ਹਰਮਨਜੀਤ ਸਿੰਘ, ਬਲਾਕ ਟੈਕਨੀਕਲ ਮੈਨੇਜਰ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ। Author: Malout Live