District NewsMalout News

ਝੋਨੇ ਦੀ ਸਿੱਧੀ ਬਿਜਾਈ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਪਿੰਡ ਚੱਕ ਗਿਲਜੇਵਾਲਾ ਵਿਖੇ ਪਹੁੰਚੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਾਤਾਵਰਨ ਦੀ ਸੰਭਾਲ ਅਤੇ ਪਾਣੀ ਦੀ ਬੱਚਤ ਲਈ ਪੂਰੇ ਰਾਜ ਵਿਚ ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਸ਼੍ਰੀ ਵਿਨੀਤ ਕਮਾਰ, ਆਈ.ਏ.ਐੱਸ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹੇ ਦੇ ਪਿੰਡ ਚੱਕ ਗਿਲਜੇਵਾਲਾ ਬਲਾਕ ਗਿੱਦੜਬਾਹਾ ਦੇ ਕਿਸਾਨ ਚਰਨਜੀਤ ਸਿੰਘ ਪੁੱਤਰ ਤਾਰਾ ਸਿੰਘ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਕਿਸਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਵਜੋ਼ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਵੱਲ ਧਿਆਨ ਦਿਵਾਉਣ ਤੇ ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚ ਟਿਊਬਵੈਲਾਂ ਨੇੜੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ  ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਪਾਸੋਂ ਜਿ਼ਲ੍ਹੇ ਨੂੰ 93000 ਹੈਕ: ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪ੍ਰਾਪਤ ਹੋਇਆ ਹੈ। ਇਸ ਟੀਚੇ ਦੀ ਪੂਰਤੀ ਲਈ ਜਿ਼ਲ੍ਹੇ ਦੇ 236 ਪਿੰਡਾਂ ਲਈ 135 ਅਧਿਕਾਰੀ/ਕਰਮਚਾਰੀਆਂ ਨੂੰ ਪਿੰਡ ਪੱਧਰ ਤੇ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਬਲਾਕ ਪੱਧਰ ਤੇ 4 ਬਲਾਕ ਖੇਤੀਬਾੜੀ ਅਫ਼ਸਰ ਝੋਨੇ ਦੀ ਸਿੱਧੀ ਬਿਜਾਈ ਦੇ ਕੰਮ ਦੀ ਮੋਨੀਟਰਿੰਗ ਕਰ ਰਹੇ ਹਨ। ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-2 ਜਾ ਕੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਵਿੱਚ ਸਖ਼ਤ ਤਹਿ ਨਹੀਂ ਬਣੇਗੀ, 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੋਵੇਗੀ, ਭੂਮੀਗਤ ਪਾਣੀ 10 ਤੋਂ 12 ਪ੍ਰਤੀਸ਼ਤ ਵੱਧ ਰੀਚਾਰਜ਼ ਹੋਵੇਗਾ, ਬਿਮਾਰੀਆਂ ਘੱਟ ਲੱਗਣਗੀਆਂ ਅਤੇ ਹਾੜ੍ਹੀ ਦੀ ਫ਼ਸਲ ਦਾ ਝਾੜ ਵਧੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰੀ ਜ਼ਮੀਨ ਵਿੱਚ ਹੀ ਕੀਤੀ ਜਾਵੇ। ਲੇਜ਼ਰ ਕਰਾਹੇ ਨਾਲ ਜ਼ਮੀਨ ਪੱਧਰ ਕਰਨ ਤੋਂ ਬਾਅਦ ਜੇਕਰ ਦੋ ਰੌਣੀਆਂ ਕਰ ਲਈਆਂ ਜਾਣ ਤਾਂ ਇਹ ਜਿ਼ਆਦਾ ਲਾਹੇਵੰਦ ਹੋਵੇਗਾ। ਜ਼ਮੀਨ ਦੀ ਤਿਆਰੀ ਸੰਬੰਧੀ ਉਨ੍ਹਾਂ ਦੱਸਿਆ ਕਿ ਜ਼ਮੀਨ ਨੂੰ ਹੋਛਾ ਵਾਹੁਣ ਉਪਰੰਤ ਦੂਹਰਾ ਸੁਹਾਗਾ ਮਾਰ ਕੇ ਬਿਜ਼ਾਈ ਸਵੇਰੇ ਜਾਂ ਸ਼ਾਮ ਨੂੰ ਹੀ ਕੀਤੀ ਜਾਵੇ। ਬਿਜਾਈ ਸਮੇਂ ਇੱਕ ਏਕੜ ਲਈ 8 ਤੋਂ 10 ਕਿ:ਗ੍ਰਾ: ਬੀਜ਼ ਨੂੰ 12 ਘੰਟੇ ਪਾਣੀ ਵਿਚ ਭਿਉ਼ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਸਪਰਿੰਟ 75 ਡਬਲਿਯੂ.ਐੱਸ ਪ੍ਰਤੀ ਕਿ:ਗ੍ਰਾ: ਸੋਧਿਆ ਜਾਵੇ ਅਤੇ ਬਿਜਾਈ ਦੇ ਤੁਰੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲੀਨ 30 ਤਾਕਤ 1 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕੀਤਾ ਜਾਵੇ। ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨਾਂ ਬਾਅਦ ਲਗਾਇਆ ਜਾਵੇ। ਇਨ੍ਹਾਂ 21 ਦਿਨਾਂ ਦੌਰਾਨ ਕਿਸੇ ਕਿਸਮ ਦੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਕਿ ਇਨ੍ਹਾਂ ਦਿਨਾਂ ਦੌਰਾਨ ਜੜ੍ਹਾਂ ਦਾ ਵਿਕਾਸ ਜਿ਼ਆਦਾ ਅਤੇ ਫ਼ਸਲ ਦਾ ਵਾਧਾ ਘੱਟ ਹੁੰਦਾ ਹੈ। ਭੁਪਿੰਦਰ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਗਿੱਦੜਬਾਹਾ ਵੱਲੋਂ ਆਪਣੇ ਬਲਾਕ ਦੀ ਰਿਪੋਰਟ ਪੇਸ਼ ਕਰਦੇ ਹੋਏ ਵਿਸ਼ੇਸ਼ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਅਤੇ ਅਗਾਂਹਵਧੂ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।

Author : Malout Live

Leave a Reply

Your email address will not be published. Required fields are marked *

Back to top button